‘ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ’, ਵਿਰੋਧ ਕਰਨ ‘ਤੇ ਮਾਰ ਦਿੱਤਾ ਜਾਂਦਾ ਹੈ: ਅਮਿਤ ਸ਼ਾਹ
Drug trade in Punjab is not possible without political patronage: ਲੁਧਿਆਣਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਸਥਿਤੀ ਦਿੱਲੀ ਪਹੁੰਚਣ ਵਾਲੀਆਂ ਰਿਪੋਰਟਾਂ ਨਾਲੋਂ ਕਿਤੇ ਵੱਧ ਗੰਭੀਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਕੋਲ ਇਨ੍ਹਾਂ ਘਟਨਾਵਾਂ ਦਾ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੇ ਆਪਣਾ ਭਰਾ ਅਤੇ ਕਿਸੇ ਨੇ ਆਪਣਾ ਪਤੀ ਗੁਆਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਕੀ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਹਾਨੇ ਬਣਾਉਣ ਤੋਂ ਇਲਾਵਾ ਕੋਈ ਠੋਸ ਜਵਾਬ ਸੁਣਨ ਨੂੰ ਨਹੀਂ ਮਿਲਿਆ।
‘ਮੈਨੂੰ ਗਾਲ੍ਹਾਂ ਕੱਢਣ ਦੀ ਬਜਾਏ ਚਿੱਟੇ ਦਾ ਕਾਰੋਬਾਰ ਖ਼ਤਮ ਕਰੋ’
ਗ੍ਰਹਿ ਮੰਤਰੀ ਨੇ ਕਿਹਾ ਕਿ ਜਦੋਂ ਉਹ ਪੰਜਾਬ ਵਿੱਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਲਈ ਆਏ ਸਨ ਤਾਂ ਉਨ੍ਹਾਂ ’ਤੇ ਹੀ ਦੋਸ਼ ਲਾਏ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਦੁਖੀ ਪਰਿਵਾਰਾਂ ਨੂੰ ਹੌਸਲਾ ਦੇਣ ਆਏ ਹਨ, ਪਰ ਉਨ੍ਹਾਂ ਦੇ ਨਾਂ ਨਾਲ ਵੀ ਅਪਸ਼ਬਦ ਵਰਤੇ ਗਏ। ਸ਼ਾਹ ਨੇ ਕਿਹਾ, “ਮੈਨੂੰ ਜੋ ਮਰਜ਼ੀ ਕਹੋ, ਪਰ ਚਿੱਟੇ ਦੇ ਕਾਰੋਬਾਰ ਨੂੰ ਤਾਂ ਖ਼ਤਮ ਕਰੋ।” ਉਨ੍ਹਾਂ ਮੁਤਾਬਕ, ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਇਸ ਮੁੱਦੇ ’ਤੇ ਸਿਆਸੀ ਦੋਸ਼ ਲਾਉਣੇ ਸਮੱਸਿਆ ਦਾ ਹੱਲ ਨਹੀਂ ਹਨ।
‘ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ’
ਅਮਿਤ ਸ਼ਾਹ ਨੇ ਕਿਹਾ ਕਿ ‘ਆਪ’ ਸਰਕਾਰ ਸੱਤਾ ਵਿੱਚ ਆਉਣ ਸਮੇਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਆਈ ਸੀ, ਪਰ ਹੁਣ ਨਸ਼ਿਆਂ ਦੇ ਮਾਮਲਿਆਂ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲਿਆਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੇ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਦਿੱਲੀ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਦੀ ਗੱਲ ਕਰਦੇ ਹਨ, ਉਹ ਪੰਜਾਬ ਵਿੱਚ ਵਿਰੋਧ ਕਰਨ ਵਾਲਿਆਂ ਨਾਲ ਕਿਵੇਂ ਪੇਸ਼ ਆ ਰਹੇ ਹਨ, ਇਸ ਬਾਰੇ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ।
‘20 ਹਜ਼ਾਰ ਕਰੋੜ ਦੀ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ’
ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਆਮਦ ਸਬੰਧੀ ਲਾਏ ਜਾਂਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਸ਼ਾਹ ਨੇ ਕਿਹਾ ਕਿ ਇਨ੍ਹਾਂ ਬੰਦਰਗਾਹਾਂ ਤੋਂ ਹੁਣ ਤੱਕ 20 ਹਜ਼ਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਜਾ ਚੁੱਕੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਨੂੰ ਨਸ਼ਿਆਂ ਦੀਆਂ ਖੇਪਾਂ ਫੜਨ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਤੱਕ ਪਹੁੰਚਣ ਦੇਣਾ ਚਾਹੀਦਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਚੱਲਣਾ ਸੰਭਵ ਨਹੀਂ ਜਾਪਦਾ। ਇਹ ਦੋਸ਼ ਲਾਉਂਦਿਆਂ ਉਨ੍ਹਾਂ ਪੰਜਾਬ ਸਰਕਾਰ ਨੂੰ ਨਸ਼ਾ ਤਸਕਰੀ ਵਿਰੁੱਧ ਠੋਸ ਕਾਰਵਾਈ ਕਰਨ ਦੀ ਚੁਣੌਤੀ ਦਿੱਤੀ।
‘ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਸੌਂਪੋ’
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੈਸਲੇ ਦਾ ਜ਼ਿਕਰ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਹ ਚੰਗਾ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਲੱਭ ਕੇ ਕਾਨੂੰਨ ਦੇ ਸਾਹਮਣੇ ਲਿਆਂਦਾ ਜਾਵੇਗਾ। ਸ਼ਾਹ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਬਿਕਰਮਜੀਤ ਸਿੰਘ ਦੇ ਕਤਲ ਅਤੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਨਾਲ ਸਬੰਧਤ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਸੌਂਪ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਦੀ ਬਜਾਏ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।
ਅਮਿਤ ਸ਼ਾਹ ਨੇ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੌਰੇ ਦੌਰਾਨ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ਮੁਤਾਬਕ, ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਬੁੱਧਵਾਰ ਨੂੰ ਦੁਪਹਿਰ 12 ਵਜੇ ਸੀਬੀਆਈ ਦੀ ਟੀਮ ਮਾਨਸਾ ਪਹੁੰਚ ਜਾਵੇਗੀ ਅਤੇ ਮਾਮਲੇ ਦੀ ਜਾਂਚ ਅੱਗੇ ਵਧਾਈ ਜਾਵੇਗੀ। ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਇੱਕ-ਦੋ ਦਿਨਾਂ ਵਿੱਚ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ ਹੈ। ਪਰਵਿੰਦਰ ਝੋਟਾ ਦਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ ਅਮਿਤ ਸ਼ਾਹ
ਮਾਨਸਾ ਜਾਣ ਤੋਂ ਪਹਿਲਾਂ ਅਮਿਤ ਸ਼ਾਹ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਹਲਕੇ ਅਧੀਨ ਪੈਂਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੇ ਸਨ। ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਪਰਿਵਾਰ ਦਾ ਦੋਸ਼ ਹੈ ਕਿ ‘ਆਪ’ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਸਵਾਲ ਪੁੱਛਣ ਕਾਰਨ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਸੀ। ਪਰਿਵਾਰ ਮੁਤਾਬਕ, ਅਮਿਤ ਸ਼ਾਹ ਨੇ ਉਨ੍ਹਾਂ ਨੂੰ ਦੋ ਤੋਂ ਤਿੰਨ ਮਹੀਨਿਆਂ ਵਿੱਚ ਇਨਸਾਫ਼ ਮਿਲਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਨਸਾਫ਼ ਦਿਵਾਉਣ ਤੋਂ ਬਾਅਦ ਉਹ ਗੁਲਜ਼ਾਰ ਸਿੰਘ ਦੇ ਭੋਗ ’ਤੇ ਆਉਣਗੇ।
ਗੁਰਦਾਸਪੁਰ ’ਚ ਬਿਕਰਮਜੀਤ ਦੇ ਪਰਿਵਾਰ ਨਾਲ ਮੁਲਾਕਾਤ
ਪੰਜਾਬ ਦੌਰੇ ਦੇ ਪਹਿਲੇ ਪੜਾਅ ਵਿੱਚ ਗ੍ਰਹਿ ਮੰਤਰੀ ਨੇ ਗੁਰਦਾਸਪੁਰ ਵਿੱਚ ਨਸ਼ਿਆਂ ਦਾ ਵਿਰੋਧ ਕਰਨ ਕਾਰਨ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕਰੀਬ 15 ਮਿੰਟ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬਿਕਰਮਜੀਤ ਦੀ ਮਾਤਾ ਸੁਰਜੀਤ ਕੌਰ ਦੇ ਪੈਰ ਛੂਹੇ। ਪਰਿਵਾਰ ਨੂੰ ਮਾਮਲੇ ਦੀ ਸੀਬੀਆਈ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਪਹਿਲਾਂ ਹੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗ ਚੁੱਕਾ ਹੈ। ਉੱਧਰ, ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦਾ ਐਲਾਨ ਕੀਤਾ ਸੀ।