ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
- ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
Temporary tranport employees begins strike in Punjab: ਚੰਡੀਗੜ੍ਹ: ਪੰਜਾਬ ਵਿੱਚ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਅੱਜ 21 ਅਕਤੂਬਰ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਨ੍ਹਾਂ ਦੀ ਹੜਤਾਲ ਸ਼ੁਰੂ ਹੋ ਗਈ ਹੈ। ਮੁਲਾਜ਼ਮਾਂ ਦੇ ਇਸ ਫ਼ੈਸਲੇ ਨਾਲ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਜਿਸ ਕਾਰਨ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਦੌਰਾਨ ਮੁਲਾਜ਼ਮ ਯੂਨੀਅਨ ਨਾਲ ਗੱਲਬਾਤ ਲਈ ਟਰਾਂਸਪੋਰਟ ਮੰਤਰੀ ਅੱਜ ਸਵੇਰੇ ਚੰਡੀਗੜ੍ਹ ਸਥਿਤ ਸਕੱਤਰੇਤ ਵਿੱਚ ਮੀਟਿੰਗ ਕਰਨ ਜਾ ਰਹੇ ਹਨ। ਖ਼ਾਸ ਗੱਲ ਇਹ ਹੈ ਕਿ ਇਹ ਮੀਟਿੰਗ ਹੜਤਾਲ ਸ਼ੁਰੂ ਹੋਣ ਤੋਂ ਬਾਅਦ ਹੋਵੇਗੀ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਰਾਹੀਂ ਕੋਈ ਸਹਿਮਤੀ ਬਣਦੀ ਹੈ ਜਾਂ ਨਹੀਂ।
ਮੰਗਾਂ ਪੂਰੀਆਂ ਕਰਵਾਉਣ ਲਈ ਹੜਤਾਲ ਦਾ ਫ਼ੈਸਲਾ
ਯੂਨੀਅਨ ਦਾ ਕਹਿਣਾ ਹੈ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸਰਕਾਰ ਦੇ ਰੁਖ਼ ਬਾਰੇ ਮੀਟਿੰਗ ਦੌਰਾਨ ਚਰਚਾ ਹੋਣ ਦੀ ਸੰਭਾਵਨਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨਾ, ਆਊਟਸੋਰਸ ਪ੍ਰਣਾਲੀ ਖ਼ਤਮ ਕਰਨਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਕੀਤੇ ਪੁਲੀਸ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ।
ਅੱਜ ਦੀ ਮੀਟਿੰਗ ’ਤੇ ਟਿਕੀਆਂ ਨਜ਼ਰਾਂ
ਟਰਾਂਸਪੋਰਟ ਮੰਤਰੀ ਅਤੇ ਯੂਨੀਅਨ ਵਿਚਾਲੇ ਹੋਣ ਵਾਲੀ ਮੀਟਿੰਗ ਹੜਤਾਲ ਦੇ ਮੱਦੇਨਜ਼ਰ ਅਹਿਮ ਮੰਨੀ ਜਾ ਰਹੀ ਹੈ। ਜੇਕਰ ਗੱਲਬਾਤ ਦੌਰਾਨ ਮੰਗਾਂ ਸਬੰਧੀ ਕੋਈ ਸਹਿਮਤੀ ਬਣਦੀ ਹੈ ਤਾਂ ਹੜਤਾਲ ਖ਼ਤਮ ਹੋਣ ਦਾ ਰਾਹ ਖੁੱਲ੍ਹ ਸਕਦਾ ਹੈ। ਹਾਲਾਂਕਿ, ਮੀਟਿੰਗ ਤੋਂ ਪਹਿਲਾਂ ਹੜਤਾਲ ਵਾਪਸ ਲੈਣ ਬਾਰੇ ਕੋਈ ਫ਼ੈਸਲਾ ਸਾਹਮਣੇ ਨਹੀਂ ਆਇਆ। ਫਿਲਹਾਲ ਮੁਲਾਜ਼ਮਾਂ ਦਾ ਅਗਲਾ ਕਦਮ ਅੱਜ ਹੋਣ ਵਾਲੀ ਮੀਟਿੰਗ ਦੇ ਨਤੀਜੇ ’ਤੇ ਨਿਰਭਰ ਕਰੇਗਾ।