ਪੰਜਾਬ ‘ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, ਕਰੀਬ 50 ਕਰੋੜ ਦੀ ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
Amritsar News; ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ।
ਮੁੱਢਲੀ ਜਾਂਚ ਮੁਤਾਬਕ, ਮੁਲਜ਼ਮ ਵਿਦੇਸ਼ ਵਿੱਚ ਬੈਠੇ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਉਹ ਵਿਦੇਸ਼ੀ ਤਸਕਰਾਂ ਦੇ ਕਹਿਣ ’ਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਮੰਗਵਾਉਂਦੇ ਅਤੇ ਅੱਗੇ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਦੇ ਸਨ।
ਵਿਦੇਸ਼ੀ ਤਸਕਰਾਂ ਨਾਲ ਸਬੰਧਾਂ ਦੀ ਜਾਂਚ ਜਾਰੀ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ’ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੁਤਾਬਕ, ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਿਹੜੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀਆਂ ਖੇਪਾਂ ਪੰਜਾਬ ਵਿੱਚ ਕਿਹੜੀਆਂ ਥਾਵਾਂ ’ਤੇ ਪਹੁੰਚਾਈਆਂ ਜਾਣੀਆਂ ਸਨ।
SSOC ਥਾਣੇ ਵਿੱਚ FIR ਦਰਜ
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਥਾਣੇ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਅੱਗੇ ਅਤੇ ਪਿੱਛੇ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਸਕੇ।
ਜਾਂਚ ਦਾ ਮਕਸਦ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਤੋੜਨਾ ਹੈ।