ਵਿਧਾਇਕ ਦਲਜੀਤ ਭੋਲਾ ਨੂੰ ਪੰਜਾਬ ਸਰਕਾਰ ਦਾ ਝਟਕਾ, ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਤੋਂ ਹਟਾਇਆ
ਪੰਜਾਬ ਸਰਕਾਰ ਨੇ ਲੁਧਿਆਣਾ ਦੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਮੁਤਾਬਕ, ਇਹ ਫ਼ੈਸਲਾ 16 ਅਕਤੂਬਰ 2026 ਤੋਂ ਲਾਗੂ ਮੰਨਿਆ ਜਾਵੇਗਾ।
ਇਸ ਸਬੰਧੀ ਪੰਜਾਬ ਸਰਕਾਰ ਨੇ 21 ਅਕਤੂਬਰ 2026 ਨੂੰ ਅਧਿਸੂਚਨਾ ਜਾਰੀ ਕੀਤੀ, ਜਿਸ ਨੂੰ 22 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਅਸਾਧਾਰਨ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ। ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਵਿਧਾਨ ਸਭਾ ਦੀ ਕਾਰਜ-ਪ੍ਰਣਾਲੀ ਅਤੇ ਕਾਰਜ ਸੰਚਾਲਨ ਨਿਯਮਾਵਲੀ ਦੇ ਨਿਯਮ 183 ਤਹਿਤ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਸਾਲ 2026-27 ਦੇ ਬਾਕੀ ਕਾਰਜਕਾਲ ਲਈ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਤੋਂ ਹਟਾਇਆ ਗਿਆ ਹੈ।

ਇਹ ਅਧਿਸੂਚਨਾ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਕੀਤੀ ਗਈ ਹੈ, ਜਿਸ ’ਤੇ ਵਿਧਾਨ ਸਭਾ ਦੇ ਸਕੱਤਰ ਰਾਮ ਲੋਕ ਖਟਾਨਾ ਦੇ ਦਸਤਖ਼ਤ ਹਨ।
ਕੀ ਹੈ ਵਿਧਾਇਕ ਦਲਜੀਤ ਗਰੇਵਾਲ ਭੋਲਾ ਦਾ ਪੱਖ?
ਇਸ ਮਾਮਲੇ ’ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਉਹ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਰੁੱਝੇ ਹੋਏ ਸਨ। ਇਸ ਕਾਰਨ ਉਹ ਪਿਛਲੇ ਚਾਰ ਤੋਂ ਪੰਜ ਮਹੀਨਿਆਂ ਤੋਂ ਵਿਸ਼ੇਸ਼ ਅਧਿਕਾਰ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਥਾਂ ਕਿਸੇ ਹੋਰ ਵਿਧਾਇਕ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇ।
ਕਿਸੇ ਹੋਰ ਵਿਧਾਇਕ ਨੂੰ ਮਿਲੇਗੀ ਜ਼ਿੰਮੇਵਾਰੀ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦਲਜੀਤ ਗਰੇਵਾਲ ਭੋਲਾ ਦੀ ਥਾਂ ਕਿਸੇ ਹੋਰ ਵਿਧਾਇਕ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਸ ਤਰ੍ਹਾਂ, ਗਜ਼ਟ ਨੋਟੀਫਿਕੇਸ਼ਨ ਰਾਹੀਂ ਵਿਧਾਇਕ ਦੀ ਕਮੇਟੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ ਅਤੇ ਹੁਣ ਉਨ੍ਹਾਂ ਦੀ ਥਾਂ ਨਵੇਂ ਵਿਧਾਇਕ ਨੂੰ ਜ਼ਿੰਮੇਵਾਰੀ ਸੌਂਪੀ ਜਾਵੇਗੀ।