ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ
ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਾਹੁਲ ਗਾਂਧੀ ਇਸ ਦੌਰਾਨ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਨਗੇ। ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਪਰਗਟ ਸਿੰਘ ਮੁਤਾਬਕ, ਮਾਲਵਾ ਦੀ ਧਰਤੀ ਤੋਂ ਚੋਣ ਮੁਹਿੰਮ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਣ ਦੇ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਨੂੰ ‘ਮਿਸ਼ਨ 2027’ ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ ਜਾਵੇਗਾ।
ਸਤੰਬਰ ਵਿੱਚ ਵੀ ਚਰਚਾ ਸੀ ਦੌਰੇ ਦੀ
ਪਾਰਟੀ ਸੂਤਰਾਂ ਮੁਤਾਬਕ, ਰਾਹੁਲ ਗਾਂਧੀ ਦੇ ਸਤੰਬਰ ਮਹੀਨੇ ਵਿੱਚ ਪੰਜਾਬ ਆਉਣ ਦੀਆਂ ਚਰਚਾਵਾਂ ਸਨ, ਪਰ ਸੁਰੱਖਿਆ ਪ੍ਰਬੰਧਾਂ ਅਤੇ ਪਾਰਟੀ ਅੰਦਰ ਗੁੱਟਬੰਦੀ ਨਾਲ ਜੁੜੀਆਂ ਚੁਣੌਤੀਆਂ ਕਾਰਨ ਦੌਰਾ ਅੱਗੇ ਪਾ ਦਿੱਤਾ ਗਿਆ ਸੀ। ਹੁਣ 4 ਨਵੰਬਰ ਦੇ ਪ੍ਰਸਤਾਵਿਤ ਦੌਰੇ ਰਾਹੀਂ ਕਾਂਗਰਸ ਵੱਲੋਂ ਸੂਬੇ ਵਿੱਚ ਸੰਗਠਨਾਤਮਕ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨ ’ਤੇ ਧਿਆਨ ਦਿੱਤੇ ਜਾਣ ਦੀ ਉਮੀਦ ਹੈ।