2027 ਚੋਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਮੋਂਟੂ ਵੋਹਰਾ ਅਤੇ ਰਾਜ ਬਲਵਿੰਦਰ ਸਿੰਘ ਬਰਾੜ ਕਾਂਗਰਸ ‘ਚ ਸ਼ਾਮਲ
ਕੇ.ਸੀ. ਵੇਣੂਗੋਪਾਲ ਅਤੇ ਸਚਿਨ ਪਾਇਲਟ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ, ਸਰਦਾਰ ਪਰਗਟ ਸਿੰਘ ਨੇ ਕਿਹਾ-ਪਾਰਟੀ ਨੂੰ ਮਿਲੇਗੀ ਮਜ਼ਬੂਤੀ
ਪੰਜਾਬ ਵਿੱਚ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਪਾਰਟੀ ਵਿੱਚ ਨਵੀਂ ਸਿਆਸੀ ਸ਼ਮੂਲੀਅਤ ਕਰਵਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਫ਼ਿਰੋਜ਼ਪੁਰ ਤੋਂ ਚੋਣ ਲੜ ਚੁੱਕੇ ਮੋਂਟੂ ਵੋਹਰਾ ਅਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਬਰਾੜ ਦੇ ਪੁੱਤਰ, ਸੇਵਾਮੁਕਤ ਐੱਸ.ਪੀ. ਰਾਜ ਬਲਵਿੰਦਰ ਸਿੰਘ ਬਰਾੜ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।
ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕਾਂਗਰਸ ਨਾਲ ਮਿਲ ਕੇ ਕੰਮ ਕਰਨਗੇ।
ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।