ਪੰਜਾਬ ਚੋਣਾਂ ਲਈ AAP ਨੇ ਵਿੱਢੀ ਤਿਆਰੀ, ਦਿੱਲੀ ’ਚ ਕੇਜਰੀਵਾਲ ਤੇ CM ਮਾਨ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਦੀ ਰਣਨੀਤੀ ਤਿਆਰ ਕਰਨ ਅਤੇ ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਪਾਰਟੀ ਵੱਲੋਂ ਅੱਜ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਜਾਣਕਾਰੀ ਅਨੁਸਾਰ, ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਦੀ ਚੋਣ ਕਰਨਾ ਹੋਵੇਗਾ। ਇਸ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀ ਸਿਆਸੀ ਸਥਿਤੀ ਅਤੇ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ ਜਾਵੇਗੀ। ਪਾਰਟੀ ਵੱਲੋਂ ਉਨ੍ਹਾਂ ਆਗੂਆਂ ਦੇ ਨਾਵਾਂ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਜਿਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਸੰਭਾਵਨਾ ਹੈ।
ਉਮੀਦਵਾਰਾਂ ਦੀ ਚੋਣ ’ਤੇ ਰਹੇਗਾ ਵਿਸ਼ੇਸ਼ ਧਿਆਨ
ਮੀਟਿੰਗ ਦੌਰਾਨ ਹਲਕਾ ਪੱਧਰ ’ਤੇ ਪਾਰਟੀ ਦੀ ਸਥਿਤੀ, ਸੰਗਠਨਾਤਮਕ ਸਰਗਰਮੀਆਂ ਅਤੇ ਸੰਭਾਵਿਤ ਉਮੀਦਵਾਰਾਂ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਤਿਆਰੀਆਂ ਬਾਰੇ ਵੀ ਚਰਚਾ ਹੋ ਸਕਦੀ ਹੈ।
ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੌਜੂਦਗੀ ਅਹਿਮ
ਇਸ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ ਪਾਰਟੀ ਦੀ ਚੋਣ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਸਬੰਧੀ ਦੋਵੇਂ ਆਗੂਆਂ ਸਮੇਤ ਸੀਨੀਅਰ ਲੀਡਰਸ਼ਿਪ ਵਿਚਾਲੇ ਵਿਚਾਰ-ਵਟਾਂਦਰਾ ਹੋਵੇਗਾ। ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਚੋਣ ਸਬੰਧੀ ਪਾਰਟੀ ਵੱਲੋਂ ਅਗਲੀ ਕਾਰਵਾਈ ਬਾਰੇ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਫਿਲਹਾਲ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।