ਪ੍ਰਧਾਨ ਮੰਤਰੀ ਮੋਦੀ ਅੱਜ ਜਾਰੀ ਕਰਨਗੇ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਅਕਤੂਬਰ ਨੂੰ ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿੱਚ ਕਰਵਾਏ ਜਾ ਰਹੇ ਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ 18,680 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਪ੍ਰਧਾਨ ਮੰਤਰੀ 30 ਅਤੇ 31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਬਨਾਸਕਾਂਠਾ ਜ਼ਿਲ੍ਹੇ ਦੇ ਭਿਲੜੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਕਿਸਾਨ ਸਨਮਾਨ ਨਿਧੀ ਦੀ ਨਵੀਂ ਕਿਸ਼ਤ ਜਾਰੀ ਕਰਨਗੇ। ਵਘਾਨੀ ਨੇ ਦੱਸਿਆ ਕਿ ਇਸ ਸਮਾਗਮ ਰਾਹੀਂ ਦੇਸ਼ ਦੇ ਕਰੋੜਾਂ ਕਿਸਾਨ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਯੋਜਨਾ ਤਹਿਤ ਜਾਰੀ ਕੀਤੀ ਜਾਣ ਵਾਲੀ ਇਹ ਰਕਮ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਖਰਚਿਆਂ ਅਤੇ ਹੋਰ ਲੋੜਾਂ ਲਈ ਸਹਾਇਤਾ ਦੇਣ ਦੇ ਉਦੇਸ਼ ਨਾਲ ਦਿੱਤੀ ਜਾਂਦੀ ਹੈ।
ਪੀਐੱਮ-ਕਿਸਾਨ ਯੋਜਨਾ ਤਹਿਤ ਯੋਗ ਕਿਸਾਨ ਪਰਿਵਾਰਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਹਰ ਚਾਰ ਮਹੀਨਿਆਂ ਬਾਅਦ 2,000 ਰੁਪਏ ਦੀ ਕਿਸ਼ਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੀ 29 ਅਕਤੂਬਰ ਦੀ ਅਧਿਕਾਰਤ ਪ੍ਰੈੱਸ ਰਿਲੀਜ਼ ਅਨੁਸਾਰ, ਇਸ ਕਿਸ਼ਤ ਤਹਿਤ 9.34 ਕਰੋੜ ਤੋਂ ਵੱਧ ਕਿਸਾਨਾਂ ਨੂੰ 18,680 ਕਰੋੜ ਰੁਪਏ ਤੋਂ ਵੱਧ ਦੀ ਰਕਮ ਦਿੱਤੀ ਜਾਵੇਗੀ। ਪਿਛਲੀਆਂ 23 ਕਿਸ਼ਤਾਂ ਰਾਹੀਂ ਦੇਸ਼ ਭਰ ਵਿੱਚ 4.47 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਵੰਡੀ ਜਾ ਚੁੱਕੀ ਹੈ।
ਯੋਜਨਾ ਦੀ ਕਿਸ਼ਤ ਲੈਣ ਲਈ ਲਾਭਪਾਤਰੀ ਕਿਸਾਨਾਂ ਦੀ ਈ-ਕੇਵਾਈਸੀ (e-KYC) ਪੂਰੀ ਹੋਣੀ ਲਾਜ਼ਮੀ ਹੈ। ਕਿਸਾਨ ਅਧਿਕਾਰਤ ਪੋਰਟਲ pmkisan.gov.in ’ਤੇ ਜਾ ਕੇ ਆਪਣੀ ਕਿਸ਼ਤ ਅਤੇ ਲਾਭਪਾਤਰੀ ਸਥਿਤੀ ਦੀ ਜਾਂਚ ਕਰ ਸਕਦੇ ਹਨ।