ਪੰਜਾਬ ਚੋਣਾਂ ਲਈ ‘ਆਪ’ ਦੇ ਉਮੀਦਵਾਰਾਂ ਦੀ ਕੱਲ੍ਹ ਆਵੇਗੀ ਪਹਿਲੀ ਸੂਚੀ: CM ਮਾਨ ਨੇ ਕੀਤਾ ਐਲਾਨ
ਨਵੀਂ ਦਿੱਲੀ: ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਦੁਪਹਿਰ 12 ਵਜੇ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।
ਅੱਜ ਆਪ ਹਾਈਕਮਾਂਡ ਦੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਵਿੱਚ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ। ਪਾਰਟੀ ਸੂਤਰਾਂ ਮੁਤਾਬਕ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਲਈ ਕੱਲ੍ਹ ਮੁੜ ਦਿੱਲੀ ਵਿੱਚ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਸੂਚੀ ਜਨਤਕ ਕੀਤੀ ਜਾਵੇਗੀ।
ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਐਲਾਨ ਦੀ ਤਿਆਰੀ
ਮੰਨਿਆ ਜਾ ਰਿਹਾ ਹੈ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਚਾਹੁੰਦੀ ਹੈ, ਤਾਂ ਜੋ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਉਮੀਦਵਾਰ ਆਪਣੇ-ਆਪਣੇ ਹਲਕਿਆਂ ਵਿੱਚ ਕੰਮ ਕਰ ਸਕਣ ਅਤੇ ਚੋਣਾਂ ਦੀ ਤਿਆਰੀ ਲਈ ਉਨ੍ਹਾਂ ਨੂੰ ਵੱਧ ਸਮਾਂ ਮਿਲ ਸਕੇ। ਪਾਰਟੀ ਦਾ ਉਦੇਸ਼ ਉਮੀਦਵਾਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰਨ ਅਤੇ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਲੋੜੀਂਦਾ ਸਮਾਂ ਦੇਣਾ ਵੀ ਮੰਨਿਆ ਜਾ ਰਿਹਾ ਹੈ।