12-13 ਦਿਨਾਂ ਤੋਂ ਲਾਪਤਾ 18 ਸਾਲਾ ਨੌਜਵਾਨ ਦੀ ਵੇਈਂ ਨਦੀ ’ਚੋਂ ਮਿਲੀ ਲਾਸ਼
ਕਪੂਰਥਲਾ (ਬਲਵਿੰਦਰ ਧਾਲੀਵਾਲ) : ਕਰੀਬ 12-13 ਦਿਨਾਂ ਤੋਂ ਲਾਪਤਾ ਚੱਲ ਰਹੇ 18 ਸਾਲਾ ਨੌਜਵਾਨ ਦੀ ਲਾਸ਼ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਸੁਲਤਾਨਪੁਰ ਲੋਧੀ-ਬੂਸੋਵਾਲ ਮਾਰਗ ’ਤੇ ਵੇਈਂ ਨਦੀ ਵਿੱਚੋਂ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਭਾਗੋ ਅਰਾਈਆਂ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਪਿਛਲੇ ਕਰੀਬ 12-13 ਦਿਨਾਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਹੋਣ ਤੋਂ ਪਹਿਲਾਂ ਨੌਜਵਾਨ ਨੂੰ ਕਥਿਤ ਤੌਰ ’ਤੇ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਉੱਪਰ ਗੰਭੀਰ ਦੋਸ਼ ਵੀ ਲਗਾਏ ਗਏ ਸਨ। ਇਸ ਘਟਨਾ ਤੋਂ ਬਾਅਦ ਉਹ ਘਰੋਂ ਗਾਇਬ ਹੋ ਗਿਆ ਸੀ। ਹੁਣ ਉਸ ਦੀ ਲਾਸ਼ ਵੇਈਂ ਨਦੀ ਵਿੱਚੋਂ ਬਰਾਮਦ ਹੋਈ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਦਾਦੇ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਸਬੰਧੀ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਧਰ, ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਆਖ਼ਰ 18 ਸਾਲਾ ਨੌਜਵਾਨ ਨਾਲ ਕੀ ਵਾਪਰਿਆ ਸੀ ਅਤੇ ਉਸ ਦੀ ਮੌਤ ਦੇ ਪਿੱਛੇ ਕੀ ਕਾਰਨ ਰਹੇ। ਪੁਲਿਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।