ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ, ਤਿੰਨ ਵਿਧਾਇਕ BJP ‘ਚ ਜਾਣ ਦੀ ਤਿਆਰੀ ‘ਚ
Punjab AAP MLA Crisis; ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ।
ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਵਿਧਾਨ ਸਭਾ ਦੇ ਸਪੀਕਰ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਆਪਣੀਆਂ ਸਿਆਸੀ ਅਤੇ ਵਿਧਾਇਕ ਵਜੋਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਲਿਖਿਆ ਸੀ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਰਾਜਨੀਤੀ ਵਿੱਚੋਂ ‘ਮਾਈ-ਬਾਪ ਕਲਚਰ’ ਨੂੰ ਖ਼ਤਮ ਕਰਨਾ ਰਹੀ ਹੈ।
2025 ਵਿੱਚ ਪਾਰਟੀ ਨੇ ਕੀਤਾ ਸੀ ਮੁਅੱਤਲ
ਜ਼ਿਕਰਯੋਗ ਹੈ ਕਿ ਜੂਨ 2025 ਵਿੱਚ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਵੀ ਉਹ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਕਾਜ ‘ਤੇ ਸਵਾਲ ਚੁੱਕਦੇ ਰਹੇ ਸਨ।
ਤਿੰਨ ਵਿਧਾਇਕ ਅੱਜ BJP ‘ਚ ਹੋ ਸਕਦੇ ਹਨ ਸ਼ਾਮਲ
ਦੂਜੇ ਪਾਸੇ, ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕਾਂ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ।
ਉੱਧਰ, ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਸਮਾਣਾ ਅਤੇ ਸਨੌਰ ਦੇ ਦੋਵਾਂ ਵਿਧਾਇਕਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਸਪੀਕਰ ਕੋਲ ਮੰਗ ਕਰੇਗੀ। ਪੰਜਾਬ ਦੀ ਸਿਆਸਤ ਵਿੱਚ ਇਨ੍ਹਾਂ ਘਟਨਾਵਾਂ ਤੋਂ ਬਾਅਦ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਹਨ।