ਗੁਰਦੁਆਰਾ ਸਾਹਿਬ ‘ਚ ਗੋਲੀਬਾਰੀ ਮਾਮਲੇ ਦੇ ਮੁੱਖ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ
ਲੁਧਿਆਣਾ: ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋ ਗਈ। ਉਸ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਆਖ਼ਰੀ ਸਾਹ ਲਏ।
ਜਾਣਕਾਰੀ ਅਨੁਸਾਰ, ਸੋਮਵਾਰ ਸ਼ਾਮ ਨੂੰ ਥਾਣਾ ਸੁਧਾਰ ਪੁਲੀਸ ਨੇ ਰਾਜੂ ਨੂੰ ਹਿਰਾਸਤ ਵਿੱਚ ਲਿਆ ਸੀ। ਕੁਝ ਸਮੇਂ ਬਾਅਦ ਉਸ ਨੇ ਘਬਰਾਹਟ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ, ਜਿਸ ’ਤੇ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਜੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਸੀ। ਉਸ ਨੂੰ ਕਾਊਂਟਰ ਇੰਟੈਲੀਜੈਂਸ ਅਤੇ ਸੀ.ਆਈ.ਏ. ਜਗਰਾਉਂ ਦੀਆਂ ਟੀਮਾਂ ਨੇ ਕਾਬੂ ਕੀਤਾ ਸੀ।
ਮੌਤ ਤੋਂ ਬਾਅਦ ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅਗਲੀ ਕਾਨੂੰਨੀ ਕਾਰਵਾਈ ਤਹਿਤ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਕਰਵਾਉਂਦਿਆਂ ਪੋਸਟਮਾਰਟਮ ਕੀਤਾ ਜਾਵੇਗਾ।
ਪੁਲੀਸ ਰਿਕਾਰਡ ਮੁਤਾਬਕ ਰਾਜੂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ, ਅਸਲਾ ਐਕਟ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਕੁੱਲ ਸੱਤ ਮਾਮਲੇ ਦਰਜ ਸਨ। ਪੁਲੀਸ ਸੂਤਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਹਾਲਾਂਕਿ, ਮੌਤ ਦੇ ਕਾਰਨਾਂ ਸਬੰਧੀ ਅੰਤਿਮ ਸਥਿਤੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।