ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ
- ਭੈਣ ਅਮਰਜੀਤ ਕੌਰ ਦਾ ਬਿਆਨ- ਹਾਈਕੋਰਟ ਦੇ ਫ਼ੈਸਲੇ ਦੀ ਅਜੇ ਤੱਕ ਨਹੀਂ ਮਿਲੀ ਕਾਪੀ
- ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਹੋਵੇਗਾ ਅੰਤਿਮ ਸੰਸਕਾਰ
ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਸਸਕਾਰ ਨੂੰ ਲੈ ਕੇ ਪਰਿਵਾਰ ਅਤੇ ਪ੍ਰਸ਼ਾਸਨ ਵਿਚਾਲੇ ਬਣੀ ਸਥਿਤੀ ਦਰਮਿਆਨ ਪਰਿਵਾਰ ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਦੀ ਕੋਈ ਕਾਪੀ ਅਜੇ ਤੱਕ ਨਹੀਂ ਮਿਲੀ ਹੈ।
ਉਨ੍ਹਾਂ ਕਿਹਾ ਕਿ ਫ਼ੈਸਲੇ ਦੀ ਕਾਪੀ ਨਾ ਮਿਲਣ ਦੇ ਬਾਵਜੂਦ ਪਰਿਵਾਰ ਨੇ ਫ਼ੈਸਲਾ ਕੀਤਾ ਹੈ ਕਿ ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ਵਿਖੇ ਨਹੀਂ ਕੀਤਾ ਜਾਵੇਗਾ। ਪਰਿਵਾਰ ਆਪਣੇ ਜੱਦੀ ਪਿੰਡ ਭੰਮੇ ਕਲਾਂ ਵਿਖੇ ਹੀ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸਸਕਾਰ ਕਰੇਗਾ।
ਅਮਰਜੀਤ ਕੌਰ ਦੇ ਇਸ ਬਿਆਨ ਨਾਲ ਸਪੱਸ਼ਟ ਹੋ ਗਿਆ ਹੈ ਕਿ ਪਰਿਵਾਰ ਦਲਜੀਤ ਸਿੰਘ ਦਾ ਸਸਕਾਰ ਆਪਣੇ ਪਿੰਡ ਵਿੱਚ ਕਰਨ ਦੇ ਫ਼ੈਸਲੇ ’ਤੇ ਕਾਇਮ ਹੈ। ਹਾਈਕੋਰਟ ਦੇ ਹੁਕਮਾਂ ਦੀ ਕਾਪੀ ਮਿਲਣ ਅਤੇ ਅਗਲੀ ਕਾਰਵਾਈ ਸਬੰਧੀ ਸਥਿਤੀ ਅਜੇ ਸਪੱਸ਼ਟ ਹੋਣੀ ਬਾਕੀ ਹੈ।
ਇਸ ਮਾਮਲੇ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਪਹਿਲਾਂ ਤੋਂ ਹੀ ਇਨਸਾਫ਼ ਅਤੇ ਪੁਲਿਸ ਕਾਰਵਾਈ ਸਬੰਧੀ ਸਵਾਲ ਉਠਾਏ ਜਾਂਦੇ ਰਹੇ ਹਨ। ਹੁਣ ਸਾਰਿਆਂ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਅਦਾਲਤੀ ਹੁਕਮਾਂ ਅਤੇ ਪਰਿਵਾਰ ਦੇ ਫ਼ੈਸਲੇ ਤੋਂ ਬਾਅਦ ਅਗਲੀ ਕਾਰਵਾਈ ਕੀ ਹੁੰਦੀ ਹੈ।