ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 34 ਕਿਲੋ ਹੈਰੋਇਨ, 2 ਉਜ਼ੀ ਗੰਨਾਂ ਤੇ 2 ਹੈਂਡ ਗ੍ਰਨੇਡ ਬਰਾਮਦ, 16 ਗ੍ਰਿਫ਼ਤਾਰ
- ਗੋਲੀਬਾਰੀ ਦੀਆਂ 3 ਘਟਨਾਵਾਂ ਸੁਲਝਾਉਣ ਦਾ ਦਾਅਵਾ
- ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖ਼ਦਸ਼ਾ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ, ਵਿਸਫੋਟਕ ਸਮੱਗਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 5 ਨਾਜਾਇਜ਼ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ, 2 ਹੈਂਡ ਗ੍ਰਨੇਡ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖ਼ਦਸ਼ਾ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿੱਛੇ ਅਤੇ ਅੱਗੇ ਜੁੜੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਪਹੁੰਚਣ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚੋਂ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਕਾਰਵਾਈ ਜਾਰੀ ਰਹੇਗੀ।