ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ, ਜਲਦ ਨਾਭਾ ਜੇਲ੍ਹ ’ਚੋਂ ਹੋਣਗੇ ਰਿਹਾਅ
ਮਾਨਸਾ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਵੱਡੀ ਅਪਡੇਟ ਸਾਹਮਣੇ ਆਈ ਹੈ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਰਿਹਾਈ ਦੇ ਹੁਕਮ ਜਾਰੀ ਹੋ ਗਏ ਹਨ। ਮਾਨਸਾ ਦੀ ਅਦਾਲਤ ਵੱਲੋਂ ਦੋਵਾਂ ਦੇ ਰਿਲੀਜ਼ਿੰਗ ਆਰਡਰ ਨਾਭਾ ਜੇਲ੍ਹ ਪ੍ਰਸ਼ਾਸਨ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਨੂੰ ਜਲਦ ਜੇਲ੍ਹ ਵਿੱਚੋਂ ਰਿਹਾਅ ਕੀਤੇ ਜਾਣ ਦੀ ਉਮੀਦ ਹੈ। ਜਾਣਕਾਰੀ ਮੁਤਾਬਕ, ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਸਿੱਧੇ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਪਹੁੰਚਣਗੇ।
ਰਿਹਾਈ ਤੋਂ ਬਾਅਦ ਧਰਨਾ ਖ਼ਤਮ ਕਰਨ ਦਾ ਐਲਾਨ
ਐਕਸ਼ਨ ਕਮੇਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, ਦੋਵਾਂ ਆਗੂਆਂ ਦੀ ਰਿਹਾਈ ਤੋਂ ਬਾਅਦ ਮਾਨਸਾ ਵਿੱਚ ਲੱਗਾ ਧਰਨਾ ਸਮਾਪਤ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ ਦੇ ਪੀਜੀਆਈ ਭੇਜਿਆ ਜਾਵੇਗਾ। ਐਕਸ਼ਨ ਕਮੇਟੀ ਦੇ ਐਲਾਨ ਮੁਤਾਬਕ, ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾ ਸਕਦਾ ਹੈ। ਹੁਣ ਸਾਰਿਆਂ ਦੀ ਨਜ਼ਰ ਦੋਵਾਂ ਆਗੂਆਂ ਦੀ ਰਿਹਾਈ ਅਤੇ ਇਸ ਤੋਂ ਬਾਅਦ ਹੋਣ ਵਾਲੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ।