ਦਿ ਗ੍ਰੇਟ ਖਲੀ ਮਾਨਸਾ ਪਹੁੰਚੇ, ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਨਸਾ: ਵਿਸ਼ਵ ਪ੍ਰਸਿੱਧ ਰੈਸਲਰ ਦਿ ਗ੍ਰੇਟ ਖਲੀ ਅੱਜ ਮਾਨਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰਹੂਮ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਝੋਟਾ ਦੀ ਹੱਤਿਆ ਨਾਲ ਪੂਰੇ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ।
ਖਲੀ ਨੇ ਕਿਹਾ ਕਿ ਪਰਵਿੰਦਰ ਝੋਟਾ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਵਿਰੁੱਧ ਡਟ ਕੇ ਲੜਾਈ ਲੜ ਰਹੇ ਸਨ। ਅਜਿਹੇ ਇਨਸਾਨ ਦੀ ਗੋਲੀ ਮਾਰ ਕੇ ਹੱਤਿਆ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਇਸ ਮੌਕੇ ਉਨ੍ਹਾਂ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ 13 ਅਕਤੂਬਰ ਤੋਂ ਮਾਨਸਾ ਵਿੱਚ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਕਈ ਪ੍ਰਮੁੱਖ ਹਸਤੀਆਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਕੇ ਸਮਰਥਨ ਦਿੱਤਾ ਜਾ ਰਿਹਾ ਹੈ।