ਅੰਮ੍ਰਿਤਸਰ ’ਚ ਦੀਵਾਲੀ ਦੀ ਰਾਤ ਖ਼ੂਨੀ ਝੜਪ, ਦੋ ਧਿਰਾਂ ਵਿਚਾਲੇ ਫਾਇਰਿੰਗ, ਇੱਕ ਨੌਜਵਾਨ ਦੀ ਮੌਤ
Amritsar Firing; ਅੰਮ੍ਰਿਤਸਰ ਵਿੱਚ ਦੀਵਾਲੀ ਦੀ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਪੁਲਿਸ ਦਾ ਇੱਕ ASI ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ASI ਦੀ ਪਛਾਣ ਹਰਣੇਕ ਸਿੰਘ ਵਜੋਂ ਹੋਈ ਹੈ। ਉਸ ਦੇ ਪੈਰ ਵਿੱਚ ਦੋ ਗੋਲੀਆਂ ਲੱਗੀਆਂ ਹਨ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਿਹਾ ਸੀ ਵਿਵਾਦ
ਮੁੱਢਲੀ ਜਾਂਚ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਨੂੰ ਸੁਲਝਾਉਣ ਲਈ ਕਈ ਲੋਕਾਂ ਨੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ, ਪਰ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਇੱਕ ਧਿਰ ਦੀ ਸ਼ਿਕਾਇਤ ’ਤੇ ਪੁਲਿਸ ਮੌਕੇ ’ਤੇ ਪਹੁੰਚੀ।
ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇੱਕ ਦੀ ਮੌਤ
ਜਾਣਕਾਰੀ ਮੁਤਾਬਕ, ਕੁਝ ਸਮੇਂ ਬਾਅਦ ਮੌਕੇ ’ਤੇ ਮੌਜੂਦ ਨੌਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਅਚਾਨਕ ਚੱਲੀਆਂ ਗੋਲੀਆਂ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਫਾਇਰਿੰਗ ਦੌਰਾਨ ਪ੍ਰਤਾਪ ਸਿੰਘ ਨਾਮ ਦੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ASI ਦੇ ਪੈਰ ਵਿੱਚ ਲੱਗੀਆਂ ਦੋ ਗੋਲੀਆਂ
ਜਦੋਂ ਫਾਇਰਿੰਗ ਹੋਈ ਤਾਂ ਥਾਣਾ ਬੀ ਡਿਵੀਜ਼ਨ ਦੇ ASI ਹਰਣੇਕ ਸਿੰਘ ਵੀ ਮੌਕੇ ’ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਦੇ ਪੈਰ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।