ਅੰਮ੍ਰਿਤਸਰ ‘ਚ ਵੱਡੀ ਵਾਰਦਾਤ ! ਭਰਾ ਨੇ ਹੀ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਿੱਚ ਪਰਿਵਾਰਕ ਰਿਸ਼ਤਿਆਂ ਨੂੰ ਝੰਜੋੜ ਦੇਣ ਵਾਲੀ ਵਾਰਦਾਤ ਵਾਪਰੀ ਹੈ। ਇੱਥੇ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਤਲ ਦਾ ਦੋਸ਼ ਉਸ ਦੇ ਸਕੇ ਭਰਾ ’ਤੇ ਲੱਗਾ ਹੈ। ਮ੍ਰਿਤਕ ਦੀ ਪਛਾਣ ਸਿਮਰਦੀਪ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਦੋਵਾਂ ਭਰਾਵਾਂ ਵਿਚਕਾਰ ਜ਼ਮੀਨ ਦੀ ਵੰਡ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਤੋਂ ਇਲਾਵਾ ਘਰ ਵਿੱਚ ਨਸ਼ੇ ਦੇ ਸੇਵਨ ਅਤੇ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਵੀ ਅਕਸਰ ਤਕਰਾਰ ਹੋਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ, ਕਤਲ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ।
ਵਾਰਦਾਤ ਦੀ ਸੂਚਨਾ ਮਿਲਣ ’ਤੇ ਡੀਐੱਸਪੀ ਯਾਦਵਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਿਮਰਦੀਪ ਸਿੰਘ ਦੇ ਸਿਰ ਅਤੇ ਛਾਤੀ ਵਿੱਚ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਨੇ ਘਟਨਾ ਸਥਾਨ ’ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ, ਜਿਸ ਨੇ ਸਬੂਤ ਇਕੱਠੇ ਕੀਤੇ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸ਼ੱਕੀ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।