ਪੰਜਾਬ 2027 ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਦਾ ਵੱਡਾ ਇੰਟਰਵਿਊ, ਗਠਜੋੜ ਤੋਂ ਲੈ ਕੇ ਨਸ਼ੇ ਤੱਕ ਖੋਲ੍ਹੇ ਕਈ ਮੁੱਦੇ….
Charanjit Singh Channi Interview; ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇੱਕ ਡੇਲੀ ਪੋਸਟ ਚੈੱਨਲ ਦੇ ਅਹਿਮ ਇੰਟਰਵਿਊ ਦੌਰਾਨ ਪੰਜਾਬ ਦੀ ਸਿਆਸਤ, ਨਸ਼ੇ, ਗੈਂਗਸਟਰਵਾਦ, ਕਿਸਾਨੀ, ਪ੍ਰਦੂਸ਼ਣ ਅਤੇ ਕਾਂਗਰਸ ਦੀ ਰਣਨੀਤੀ ਨੂੰ ਲੈ ਕੇ ਖੁੱਲ੍ਹ ਕੇ ਗੱਲ ਕੀਤੀ। ਚੰਨੀ ਨੇ ਦਾਅਵਾ ਕੀਤਾ ਕਿ ਜੇਕਰ 2027 ਦੀਆਂ ਚੋਣਾਂ ਤੋਂ ਬਾਅਦ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਅਤੇ ਹੰਗ ਅਸੈਂਬਲੀ ਬਣੀ ਤਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਗਠਜੋੜ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ AAP ਅੱਜ ਵੀ NDA ਦੇ ਨਾਲ ਖੜ੍ਹੀ ਹੈ।
ਚੰਨੀ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਅੱਜ ਪੰਜਾਬ ਇਨਸਾਫ਼ ਮੰਗ ਰਿਹਾ ਹੈ ਅਤੇ ਸੂਬੇ ਵਿੱਚ ਨਸ਼ਾ ਇੱਕ ਬਹੁਤ ਵੱਡੀ ਸਮੱਸਿਆ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਘਰ-ਘਰ ਤੱਕ ਪਹੁੰਚ ਗਿਆ ਹੈ ਅਤੇ ਪੰਜਾਬ ਦੇ ਕਈ ਪਿੰਡਾਂ ਵਿੱਚ ਹਾਲਾਤ ਅਜਿਹੇ ਹਨ ਕਿ ਬਰਾਤ ਚੜ੍ਹਾਉਣ ਲਈ ਮੁੰਡੇ ਨਹੀਂ ਮਿਲ ਰਹੇ। ਉਨ੍ਹਾਂ ਪੰਜਾਬ ਵਿੱਚ ਗੈਂਗਸਟਰਾਂ ਦੇ ਰਾਜ ਦਾ ਦਾਅਵਾ ਕਰਦਿਆਂ ਗੁਰਪ੍ਰੀਤ ਸੇਖੋਂ ਦਾ ਜ਼ਿਕਰ ਵੀ ਕੀਤਾ ਅਤੇ ਕਿਹਾ ਕਿ ਜਿਸ ਵਿਅਕਤੀ ਖ਼ਿਲਾਫ਼ 47 ਪਰਚੇ ਦਰਜ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਸ ਨੂੰ ਟਿਕਟ ਦਿੱਤੀ ਜਾ ਰਹੀ ਹੈ। ਚੰਨੀ ਨੇ ਇਹ ਵੀ ਦੋਸ਼ ਲਾਇਆ ਕਿ ਦਿੱਲੀ ਵਿੱਚ ਬੈਠੇ ਆਗੂਆਂ ਨੂੰ ਪੰਜਾਬ ਦੀ ਕੋਈ ਫ਼ਿਕਰ ਨਹੀਂ ਹੈ।
ਮਾਈਨਿੰਗ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਚੰਨੀ ਨੇ ਕਿਹਾ ਕਿ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਸੁਪਨਾ ਦਿਖਾਇਆ ਗਿਆ ਸੀ, ਪਰ 20 ਕਰੋੜ ਰੁਪਏ ਵੀ ਨਹੀਂ ਕਮਾਏ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਵਿਕਾਸ ਨਹੀਂ ਹੋਇਆ ਅਤੇ ਸੂਬੇ ਨੂੰ ਆਉਣ ਵਾਲੇ ਸਮੇਂ ਲਈ ਗਹਿਣੇ ਰੱਖ ਦਿੱਤਾ ਗਿਆ ਹੈ। ਚੰਨੀ ਨੇ ਕਿਹਾ ਕਿ ਇਕੱਲੇ ਗੁੜਗਾਓਂ ਦੀ ਕਮਾਈ ਪੰਜਾਬ ਨਾਲੋਂ ਵੱਧ ਹੈ। ਉਨ੍ਹਾਂ ਮੁਤਾਬਕ ਮੁੱਖ ਮੰਤਰੀ ਲੋਕਾਂ ਲਈ ਚਾਨਣ ਮੁਨਾਰਾ ਹੁੰਦਾ ਹੈ, ਜਦਕਿ 2022 ਵਿੱਚ ਭਗਵੰਤ ਮਾਨ ਨੂੰ ਲੋਕਾਂ ਨੇ ਉਨ੍ਹਾਂ ਦੇ ਮੂੰਹ ਨੂੰ ਵੋਟਾਂ ਪਾਈਆਂ ਸਨ। ਉਨ੍ਹਾਂ ਆਪਣੀ 111 ਦਿਨਾਂ ਦੀ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਅੱਜ ਵੀ ਉਸ ਸਰਕਾਰ ਨੂੰ ਪਸੰਦ ਕਰਦੇ ਹਨ।
ਕਾਂਗਰਸ ਦੀ ਅੰਦਰੂਨੀ ਸਿਆਸਤ ਬਾਰੇ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਬਦਲਣਾ ਇੱਕ ਰੂਟੀਨ ਪ੍ਰਕਿਰਿਆ ਹੈ ਅਤੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫ਼ੈਸਲਾ ਹਾਈਕਮਾਂਡ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਿਸੇ ਨਾਲ ਕੋਈ ਲੜਾਈ ਨਹੀਂ ਅਤੇ ਸਾਰੇ ਆਗੂ ਇਕੱਠੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਕਾਂਗਰਸ ਛੱਡਣ ਤਾਂ ਲੋਕ ਉਨ੍ਹਾਂ ਨੂੰ ਵੋਟ ਨਾ ਪਾਉਣ। ਚੰਨੀ ਨੇ ਸੁਨੀਲ ਜਾਖੜ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਭਾਜਪਾ ਵਿੱਚ ਗਏ ਹਨ। ਉਨ੍ਹਾਂ ਕਿਹਾ ਕਿ ਹਾਰੇ ਹੋਏ ਕਾਂਗਰਸੀ ਆਗੂ ਭਾਜਪਾ ਵਿੱਚ ਜਾ ਰਹੇ ਹਨ ਅਤੇ ਪਾਰਟੀ ਛੱਡ ਕੇ ਜਾਣ ਵਾਲਿਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦਿੱਤੀਆਂ ਗਈਆਂ ਹਨ। ਇੱਕ ਪਰਿਵਾਰ, ਇੱਕ ਟਿਕਟ ਦੇ ਫਾਰਮੂਲੇ ਬਾਰੇ ਉਨ੍ਹਾਂ ਕਿਹਾ ਕਿ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਹਰ ਉਮੀਦਵਾਰ ਨੂੰ ਟਿਕਟ ਮਿਲਣੀ ਚਾਹੀਦੀ ਹੈ।
ਇਸ ਦੌਰਾਨ ਚੰਨੀ ਨੇ 12 ਨਵੰਬਰ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਨੂੰ ਸਚਿਨ ਪਾਇਲਟ ਹਰੀ ਝੰਡੀ ਦਿਖਾਉਣਗੇ। ਇਸ ਦਾ ਮਕਸਦ ਨੌਜਵਾਨਾਂ, ਕਿਸਾਨਾਂ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣਨਾ ਹੈ। ਚੰਨੀ ਨੇ ਸਾਈਕਲ ਨੂੰ ਗਰੀਬਾਂ ਦਾ ਗਹਿਣਾ ਦੱਸਦਿਆਂ ਕਿਹਾ ਕਿ ਨੌਜਵਾਨੀ ਨੂੰ ਸੰਭਾਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਮਹਿਲਾਵਾਂ ਨੂੰ ਆਰਥਿਕ ਮਦਦ ਮਿਲਦੀ ਰਹੇਗੀ ਅਤੇ ਸਰਕਾਰ ਕੋਲ ਪੈਸਾ ਕਮਾਉਣ ਦੇ ਕਈ ਸਰੋਤ ਹਨ, ਸਿਰਫ਼ ਭ੍ਰਿਸ਼ਟਾਚਾਰ ਰੋਕਣ ਦੀ ਲੋੜ ਹੈ।
ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੇ ਮੁੱਦੇ ‘ਤੇ ਚੰਨੀ ਨੇ ਕਿਸਾਨਾਂ ਦਾ ਪੱਖ ਲੈਂਦਿਆਂ ਕਿਹਾ ਕਿ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ, ਸਗੋਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਜਬੂਰੀ ਵਿੱਚ ਪਰਾਲੀ ਸਾੜਦਾ ਹੈ ਅਤੇ ਉਸ ਨੂੰ ਪਰਾਲੀ ਸੰਭਾਲਣ ਲਈ ਆਰਥਿਕ ਮਦਦ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਢੁੱਕਵੀਂ ਯੋਜਨਾਬੰਦੀ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਚੰਨੀ ਨੇ ਰਵਾਇਤੀ ਨਸ਼ਿਆਂ ਬਾਰੇ ਆਪਣੀ ਰਾਇ ਨੂੰ ਰਾਜਾ ਵੜਿੰਗ ਦੇ ਵਿਚਾਰਾਂ ਤੋਂ ਵੱਖਰਾ ਦੱਸਿਆ ਅਤੇ ਸਵਾਲ ਕੀਤਾ ਕਿ ਹੁਣ ਤੱਕ ਕੇਂਦਰ ਸਰਕਾਰ ਨੂੰ ਨਸ਼ਾ ਖ਼ਤਮ ਕਰਨ ਤੋਂ ਕਿਸ ਨੇ ਰੋਕਿਆ ਹੈ।
1984 ਦੇ ਮੁੱਦੇ ‘ਤੇ ਗੱਲ ਕਰਦਿਆਂ ਚੰਨੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਦਾ ਇਹ ਬਿਆਨ ਵੀ ਇੰਟਰਵਿਊ ਦੇ ਅਹਿਮ ਸਿਆਸੀ ਮੁੱਦਿਆਂ ਵਿੱਚ ਸ਼ਾਮਲ ਰਿਹਾ। ਕੁੱਲ ਮਿਲਾ ਕੇ ਚੰਨੀ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ, ਆਮ ਆਦਮੀ ਪਾਰਟੀ, ਭਾਜਪਾ ਅਤੇ ਆਪਣੀ ਹੀ ਪਾਰਟੀ ਦੀ ਰਣਨੀਤੀ ਬਾਰੇ ਕਈ ਅਹਿਮ ਬਿਆਨ ਦਿੱਤੇ ਹਨ।