ਪੰਜਾਬ ‘ਚ ਹਥਿਆਰਾਂ ਤੇ ਨਸ਼ੇ ਦਾ ਵੱਡਾ ਨੈੱਟਵਰਕ ਬੇਨਕਾਬ, RPG ਰਾਕੇਟ ਲਾਂਚਰ,ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
Amritsar Police Bust Drug Racket; ਅੰਮ੍ਰਿਤਸਰ ਵਿੱਚ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ RPG ਰਾਕੇਟ ਲਾਂਚਰ, 2 ਨਾਜਾਇਜ਼ ਪਿਸਤੌਲ, 106 ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਮੁਤਾਬਕ ਬਰਾਮਦ ਨਸ਼ੀਲੇ ਪਦਾਰਥਾਂ ਵਿੱਚ 7 ਕਿਲੋ 904 ਗ੍ਰਾਮ ਹੈਰੋਇਨ, 5 ਕਿਲੋ 152 ਗ੍ਰਾਮ ਅਫ਼ੀਮ ਅਤੇ 2 ਕਿਲੋ 344 ਗ੍ਰਾਮ ICE (ਮੈਥਾਮਫੇਟਾਮਾਈਨ) ਸ਼ਾਮਲ ਹੈ। ਇਸ ਤੋਂ ਇਲਾਵਾ ਇੱਕ ਡਰੋਨ, GPS ਟ੍ਰੈਕਰ ਅਤੇ 5 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ। ਬਰਾਮਦ RPG ਦਾ ਵਜ਼ਨ 22 ਨੈੱਟੋ ਦੱਸਿਆ ਗਿਆ ਹੈ।
ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ‘ਚ ਸਨ ਮੁਲਜ਼ਮ
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਇਹ ਹੈਂਡਲਰ ਕਥਿਤ ਤੌਰ ‘ਤੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਵਾਉਂਦੇ ਸਨ। ਇਸ ਤੋਂ ਬਾਅਦ ਮੁਲਜ਼ਮਾਂ ਰਾਹੀਂ ਇਹ ਖੇਪਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਈਆਂ ਜਾਂਦੀਆਂ ਸਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਸਪਲਾਈ ਦੇ ਸਰੋਤਾਂ ਦੀ ਜਾਂਚ ਕਰ ਰਹੀ ਹੈ।
ਤਿੰਨ ਥਾਣਿਆਂ ਵਿੱਚ ਵੱਖ-ਵੱਖ FIR ਦਰਜ
ਇਸ ਮਾਮਲੇ ਵਿੱਚ ਥਾਣਾ ਘਰਿੰਡਾ, ਲੋਪੋਕੇ ਅਤੇ ਭਿੰਡੀ ਸੈਦਾ ਵਿਖੇ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਅਤੇ ਨਸ਼ੇ ਦੀ ਸਪਲਾਈ ਦੇ ਸਰੋਤਾਂ, ਖ਼ਰੀਦਦਾਰਾਂ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ DIG ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅੱਜ ਪ੍ਰੈੱਸ ਕਾਨਫਰੰਸ ਕਰਕੇ ਹੋਰ ਵਿਸਥਾਰਪੂਰਵਕ ਜਾਣਕਾਰੀ ਦੇਣਗੇ।