ਬੱਚਿਆਂ ਨਾਲ ਭਰਿਆ ਬੈਟਰੀ ਰਿਕਸ਼ਾ ਪਲਟਿਆ; ਵਾਲ-ਵਾਲ ਬਚੇ ਮਾਸੂਮ
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਸੜਕ ਦੀ ਮਾੜੀ ਹਾਲਤ ਕਾਰਨ ਇੱਕ ਹੋਰ ਹਾਦਸਾ ਵਾਪਰ ਗਿਆ। ਬੱਚਿਆਂ ਨੂੰ ਲੈ ਕੇ ਜਾ ਰਿਹਾ ਬੈਟਰੀ ਰਿਕਸ਼ਾ ਅਚਾਨਕ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਉਸ ਵਿੱਚ ਸਵਾਰ ਬੱਚੇ ਸੜਕ ’ਤੇ ਡਿੱਗ ਪਏ। ਰਾਹਤ ਦੀ ਗੱਲ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।
ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਕੋਟਕਪੂਰਾ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਪ੍ਰਸ਼ਾਸਨ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਥਾਨਕ ਦੁਕਾਨਦਾਰਾਂ ਮੁਤਾਬਕ ਸੜਕ ਲੰਬੇ ਸਮੇਂ ਤੋਂ ਪੁੱਟੀ ਹੋਈ ਹੈ ਅਤੇ ਇਸ ਦੀ ਮੁਰੰਮਤ ਨਾ ਹੋਣ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਖਸਤਾਹਾਲ ਸੜਕ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਜੇਕਰ ਸਮੇਂ ਸਿਰ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਕੋਟਕਪੂਰਾ ਰੋਡ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਲੋਕਾਂ ਨੂੰ ਰੋਜ਼ਾਨਾ ਦੀ ਇਸ ਪਰੇਸ਼ਾਨੀ ਤੋਂ ਨਿਜਾਤ ਦਿਵਾਈ ਜਾਵੇ।