ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ
ਅੰਮ੍ਰਿਤਸਰ: ਆਉਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਡਰ-ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਚੋਣਾਂ ਦੇ ਮੱਦੇਨਜ਼ਰ ਨੀਮ ਫ਼ੌਜੀ ਬਲਾਂ ਦੀਆਂ ਤਿੰਨ ਕੰਪਨੀਆਂ ਸ਼ਹਿਰ ਵਿੱਚ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ਨੂੰ ਵੱਖ-ਵੱਖ ਸੰਵੇਦਨਸ਼ੀਲ ਅਤੇ ਅਹਿਮ ਥਾਵਾਂ ’ਤੇ ਤਾਇਨਾਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨਰੇਟ ਖੇਤਰ ਦੇ ਸਾਰੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ਦੀ ਪਛਾਣ ਕਰਕੇ ਉੱਥੇ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਚੋਣਾਂ ਤੋਂ ਪਹਿਲਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਰਾਣੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕਿਆਂ ਤੋਂ ਲੈ ਕੇ ਨਵੇਂ ਸ਼ਹਿਰ ਅਤੇ ਪੌਸ਼ ਸਿਵਲ ਲਾਈਨਜ਼ ਖੇਤਰ ਤੱਕ ਵਿਸ਼ੇਸ਼ ਸੁਰੱਖਿਆ ਯੋਜਨਾ ਲਾਗੂ ਕੀਤੀ ਗਈ ਹੈ। ਪ੍ਰਮੁੱਖ ਥਾਵਾਂ ’ਤੇ ਵੱਖ-ਵੱਖ ਸ਼ਿਫਟਾਂ ਵਿੱਚ ਨਾਕੇ ਲਗਾਏ ਜਾ ਰਹੇ ਹਨ, ਜਿੱਥੇ ਦਿਨ-ਰਾਤ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਅਤੇ ਉਨ੍ਹਾਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਪੁਲਿਸ ਕਮਿਸ਼ਨਰ ਅਨੁਸਾਰ ਨੀਮ ਫ਼ੌਜੀ ਬਲਾਂ ਦੇ ਜਵਾਨ ਅਤੇ ਸਥਾਨਕ ਪੁਲਿਸ ਮੁਲਾਜ਼ਮ 24 ਘੰਟੇ ਫੀਲਡ ਵਿੱਚ ਤਾਇਨਾਤ ਰਹਿਣਗੇ। ਲਗਾਤਾਰ ਗਸ਼ਤ ਅਤੇ ਚੈਕਿੰਗ ਦਾ ਮਕਸਦ ਕਿਸੇ ਵੀ ਅਪਰਾਧਿਕ ਘਟਨਾ ਨੂੰ ਸਮੇਂ ਸਿਰ ਰੋਕਣਾ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣਾ ਹੈ।
ਇਸ ਤੋਂ ਇਲਾਵਾ ਅਪਰਾਧਿਕ ਗਤੀਵਿਧੀਆਂ ਵਾਲੇ ਸੰਵੇਦਨਸ਼ੀਲ ਇਲਾਕਿਆਂ ਅਤੇ ਖ਼ਾਸ ਕਰਕੇ ਨਸ਼ਿਆਂ ਦੇ ਹੌਟਸਪੌਟਸ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਨੀਮ ਫ਼ੌਜੀ ਬਲਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰਬੰਧਾਂ ਦਾ ਉਦੇਸ਼ ਚੋਣ ਪ੍ਰਕਿਰਿਆ ਦੌਰਾਨ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਹੈ।