SGPC ਚੋਣਾਂ ’ਤੇ ਹਾਈਕੋਰਟ ਸਖ਼ਤ, ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਬਾਰੇ ਕੇਂਦਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਅਦਾਲਤ ਨੇ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸਬੰਧਤ ਧਿਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਰੀ ਮੌਕਾ ਦਿੱਤਾ ਹੈ।
ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਸਥਿਤੀ ਬਾਰੇ ਜਵਾਬ ਦਿੱਤਾ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ। ਹੁਣ ਅਗਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਦਿੱਤੇ ਜਾਣ ਵਾਲੇ ਜਵਾਬ ’ਤੇ ਨਜ਼ਰ ਰਹੇਗੀ।
ਜ਼ਿਕਰਯੋਗ ਹੈ ਕਿ SGPC ਦੀਆਂ ਆਮ ਚੋਣਾਂ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਆਖਰੀ ਵਾਰ ਸਾਲ 2011 ਵਿੱਚ ਇਹ ਚੋਣਾਂ ਕਰਵਾਈਆਂ ਗਈਆਂ ਸਨ। ਨਵੇਂ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਨੂੰ ਚੋਣ ਪ੍ਰਕਿਰਿਆ ਅੱਗੇ ਵਧਾਉਣ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਹਾਈਕੋਰਟ ਵਿੱਚ ਦਾਇਰ ਪਟੀਸ਼ਨਾਂ ਰਾਹੀਂ ਨਵੀਆਂ ਵੋਟਰ ਸੂਚੀਆਂ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵੀ ਚੁਣੌਤੀ ਦਿੱਤੀ ਗਈ ਹੈ। ਇਸ ਕਾਰਨ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ ਦੀ ਕਾਰਵਾਈ ਰੁਕੀ ਹੋਈ ਹੈ।