ਪੰਜਾਬ ਦੇ 117 ਹਲਕਿਆਂ ਦੀ ਮੁੱਢਲੀ ਵੋਟਰ ਸੂਚੀ ਜਾਰੀ, ਨਾਂ ਚੈੱਕ ਕਰਨ ਲਈ ਮਿਲਿਆ ਇੱਕ ਮਹੀਨੇ ਦਾ ਸਮਾਂ
Punjab Voter List OUT; ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR)-2027 ਤਹਿਤ ਬੁੱਧਵਾਰ ਨੂੰ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀ ਮੁੱਢਲੀ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਲੋਕ ਇਸ ਸੂਚੀ ਵਿੱਚ ਆਪਣਾ ਨਾਂ ਅਤੇ ਹੋਰ ਵੇਰਵੇ ਚੈੱਕ ਕਰ ਸਕਦੇ ਹਨ।
ਜੇਕਰ ਕਿਸੇ ਵੋਟਰ ਦਾ ਨਾਂ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਨਾਂ, ਪਤਾ ਅਤੇ ਹੋਰ ਜਾਣਕਾਰੀ ਵਿੱਚ ਕੋਈ ਗ਼ਲਤੀ ਹੈ ਤਾਂ ਉਹ 12 ਨਵੰਬਰ ਤੋਂ 11 ਦਸੰਬਰ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦਾ ਹੈ।
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਬੁੱਧਵਾਰ ਨੂੰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮੁੱਢਲੀ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।
ਇੰਝ ਚੈੱਕ ਕਰੋ ਵੋਟਰ ਸੂਚੀ ਵਿੱਚ ਆਪਣਾ ਨਾਂ
ਵੋਟਰ ਘਰ ਬੈਠੇ ਆਨਲਾਈਨ ਵੀ ਮੁੱਢਲੀ ਵੋਟਰ ਸੂਚੀ ਵਿੱਚ ਆਪਣਾ ਨਾਂ ਚੈੱਕ ਕਰ ਸਕਦੇ ਹਨ। ਇਸ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਦੀ ਵੈੱਬਸਾਈਟ www.ceopunjab.gov.in ਜਾਂ ਚੋਣ ਕਮਿਸ਼ਨ ਦੇ ਵੋਟਰ ਸੇਵਾ ਪੋਰਟਲ voters.eci.gov.in ‘ਤੇ ਜਾਣਾ ਹੋਵੇਗਾ। ਇੱਥੇ ਵੋਟਰ ਆਪਣਾ ਨਾਂ ਅਤੇ ਹੋਰ ਵੇਰਵੇ ਜਾਂਚ ਸਕਦੇ ਹਨ।
18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੀ ਬਣਵਾ ਸਕਣਗੇ ਵੋਟ
ਅਜਿਹੇ ਨੌਜਵਾਨ ਜੋ 1 ਜਨਵਰੀ 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੀ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਨਿਰਧਾਰਤ ਪ੍ਰਕਿਰਿਆ ਤਹਿਤ ਫਾਰਮ-6 ਭਰਨਾ ਪਵੇਗਾ।
ਮਦਦ ਲਈ ਹੈਲਪ ਡੈਸਕ ਅਤੇ ਵਿਸ਼ੇਸ਼ ਕੈਂਪ ਲੱਗਣਗੇ
ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ (DEO) ਅਤੇ ਵੋਟਰ ਰਜਿਸਟ੍ਰੇਸ਼ਨ ਅਧਿਕਾਰੀਆਂ (ERO) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਬਣਾਏ ਗਏ ਹਨ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਜਲਦ ਹੀ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਮਦਦ ਲਈ ਵੋਟਰ ਹੈਲਪਲਾਈਨ ਨੰਬਰ 1950 ‘ਤੇ ਕਾਲ ਕਰ ਸਕਦੇ ਹਨ।
ਇਸ ਤੋਂ ਇਲਾਵਾ ECINET ਮੋਬਾਈਲ ਐਪ ਰਾਹੀਂ ਬੂਥ ਲੈਵਲ ਅਫ਼ਸਰ (BLO) ਨਾਲ ਕਾਲ ਬੁੱਕ ਕਰਨ ਦੀ ਸਹੂਲਤ ਵੀ ਉਪਲਬਧ ਹੈ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣਾ ਨਾਂ ਜ਼ਰੂਰ ਚੈੱਕ ਕਰਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।