ਨਕਲੀ CIA ਸਟਾਫ ਬਣ ਕੇ ਲੋਕਾਂ ਤੋਂ ਵਸੂਲੇ ਲੱਖਾਂ ਰੁਪਏ, 4 ਮੁਲਜ਼ਮ ਗ੍ਰਿਫ਼ਤਾਰ
Ludhiana Police Fake CIA Staff Gang Arrested; ਲੁਧਿਆਣਾ ਪੁਲਿਸ ਨੇ ਨਕਲੀ CIA ਸਟਾਫ ਦੇ ਮੈਂਬਰ ਬਣ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਵਾਲੇ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਲੰਬੇ ਸਮੇਂ ਤੋਂ ਲੋਕਾਂ ਨੂੰ ਪੁਲਿਸ ਮੁਲਾਜ਼ਮ ਹੋਣ ਦਾ ਰੋਅਬ ਦਿਖਾ ਕੇ ਠੱਗੀ ਦਾ ਸ਼ਿਕਾਰ ਬਣਾ ਰਹੇ ਸਨ ਅਤੇ ਕਈ ਲੋਕਾਂ ਤੋਂ ਲੱਖਾਂ ਰੁਪਏ ਵਸੂਲ ਚੁੱਕੇ ਸਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਸ ਗਿਰੋਹ ਖ਼ਿਲਾਫ਼ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਾਂਚ ਤੋਂ ਬਾਅਦ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਹੋਮਗਾਰਡ ਮੁਲਾਜ਼ਮ ਵੀ ਗਿਰੋਹ ਵਿੱਚ ਸ਼ਾਮਲ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਹੋਮਗਾਰਡ ਦਾ ਮੁਲਾਜ਼ਮ ਹੈ, ਜੋ ਲੰਬੇ ਸਮੇਂ ਤੋਂ ਛੁੱਟੀ ’ਤੇ ਚੱਲ ਰਿਹਾ ਸੀ। ਇਸ ਤੋਂ ਬਾਅਦ ਉਹ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਨਕਲੀ CIA ਸਟਾਫ ਬਣ ਕੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲੱਗ ਪਿਆ।
ਗੱਡੀ ਅਤੇ ਵਰਦੀਆਂ ਵੀ ਕੀਤੀਆਂ ਬਰਾਮਦ
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗੱਡੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਪੁਲਿਸ ਵਰਗੀਆਂ ਵਰਦੀਆਂ ਵੀ ਮਿਲੀਆਂ ਹਨ, ਜਿਨ੍ਹਾਂ ਵਿੱਚ ਖਾਕੀ ਰੰਗ ਦੀ ਪੱਗ, ਖਾਕੀ ਪੈਂਟ ਅਤੇ ਲਾਲ ਫਿਫਟੀ ਸਮੇਤ ਹੋਰ ਸਾਮਾਨ ਸ਼ਾਮਲ ਹੈ। ਮੁਲਜ਼ਮ ਇਨ੍ਹਾਂ ਵਰਦੀਆਂ ਦਾ ਇਸਤੇਮਾਲ ਕਰਕੇ ਲੋਕਾਂ ’ਤੇ ਪੁਲਿਸ ਮੁਲਾਜ਼ਮ ਹੋਣ ਦਾ ਪ੍ਰਭਾਵ ਪਾਉਂਦੇ ਸਨ।
ਲੋਕਾਂ ਨੂੰ ਡਰਾ ਕੇ ਕਰਦੇ ਸਨ ਪੈਸਿਆਂ ਦੀ ਵਸੂਲੀ
ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਮੁਲਜ਼ਮ ਪਹਿਲਾਂ ਲੋਕਾਂ ਨੂੰ ਡਰਾਉਂਦੇ-ਧਮਕਾਉਂਦੇ ਸਨ ਅਤੇ ਫਿਰ ਉਨ੍ਹਾਂ ਤੋਂ ਪੈਸੇ ਵਸੂਲ ਕਰਦੇ ਸਨ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪ੍ਰਿੰਸ, ਗੁਰਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਅਤੇ ਅਜੀਤ ਕੁਮਾਰ ਵਜੋਂ ਦੱਸੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਸ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ।