ਅਸਾਮ ਦੇ ਕਾਜ਼ੀਰੰਗਾ ’ਚ ਭਿਆਨਕ ਸੜਕ ਹਾਦਸਾ, ਮਿੰਨੀ ਬੱਸ-ਟਰੱਕ ਦੀ ਟੱਕਰ ’ਚ 23 ਮੌਤਾਂ
Assam road accident: ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕੌਮੀ ਮਾਰਗ-715 ’ਤੇ ਮਿੰਨੀ ਬੱਸ ਅਤੇ ਕੰਟੇਨਰ ਟਰੱਕ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਹੁਣ ਤੱਕ 23 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਪੁਲਿਸ ਨੇ ਖਦਸ਼ਾ ਜਤਾਇਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
ਇਹ ਹਾਦਸਾ ਗੋਲਾਘਾਟ ਜ਼ਿਲ੍ਹੇ ਦੇ ਕੋਹੋਰਾ ਰੇਂਜ ਅਧੀਨ ਹਾਥੀਕੁਲੀ ਟੀ ਅਸਟੇਟ ਨੇੜੇ ਰੰਗਾਜਨ ਵਿੱਚ ਵਾਪਰਿਆ। ਪੁਲਿਸ ਮੁਤਾਬਕ ਯਾਤਰੀਆਂ ਨਾਲ ਭਰੀ ਮਿੰਨੀ ਬੱਸ ਸਾਹਮਣੇ ਤੋਂ ਆ ਰਹੇ ਕੰਟੇਨਰ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ। ਜ਼ਿਲ੍ਹਾ ਕਮਿਸ਼ਨਰ ਬਿਸ਼ਵਜੀਤ ਫੁਕਨ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
CM ਹਿਮੰਤ ਬਿਸਵਾ ਸਰਮਾ ਨੇ ਜਤਾਇਆ ਦੁੱਖ
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਨਾਲ ਪੂਰਾ ਅਸਾਮ ਖੜ੍ਹਾ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ ਬਿਨਾਂ ਦੇਰੀ ਬਿਹਤਰ ਇਲਾਜ ਮੁਹੱਈਆ ਕਰਵਾਉਣ ਨੂੰ ਸਰਕਾਰ ਦੀ ਪਹਿਲ ਦੱਸਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਗੋਲਾਘਾਟ ਦੇ ਸੀਨੀਅਰ ਪੁਲਿਸ ਕਪਤਾਨ ਸਵਪਨਨੀਲ ਡੇਕਾ ਮੁਤਾਬਕ ਮੁੱਢਲੀ ਜਾਣਕਾਰੀ ਅਨੁਸਾਰ ਘੱਟੋ-ਘੱਟ 23 ਲੋਕਾਂ ਦੀ ਮੌਤ ਹੋਈ ਹੈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਮੌਜੂਦ ਹਨ ਅਤੇ ਬੱਸ ਵਿੱਚੋਂ ਲਾਸ਼ਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ। ਹਾਲਾਂਕਿ, ਬੱਸ ਵਿੱਚ ਕੁੱਲ ਕਿੰਨੇ ਯਾਤਰੀ ਸਵਾਰ ਸਨ, ਇਸ ਬਾਰੇ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ।
ਮੰਤਰੀ ਅਤੁਲ ਬੋਰਾ ਮੌਕੇ ’ਤੇ ਪਹੁੰਚੇ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਅਸਾਮ ਦੇ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਅਤੇ ਸਥਾਨਕ ਵਿਧਾਇਕ ਅਤੁਲ ਬੋਰਾ ਘਟਨਾ ਸਥਾਨ ’ਤੇ ਪਹੁੰਚੇ। ਉਹ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਖ਼ਮੀਆਂ ਨੂੰ ਕੋਹੋਰਾ ਮਾਡਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਜੋਰਹਾਟ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕੀਤਾ ਗਿਆ ਹੈ।
ਤੇਜ਼ ਰਫ਼ਤਾਰ ਕਾਰਨ ਹਾਦਸਾ ਵਾਪਰਨ ਦਾ ਖਦਸ਼ਾ
ਗੋਲਾਘਾਟ ਦੇ ਐੱਸਐੱਸਪੀ ਸਵਪਨਨੀਲ ਡੇਕਾ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਿੰਨੀ ਬੱਸ ਕਾਫ਼ੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਨੈਸ਼ਨਲ ਪਾਰਕ ਦੇ ਆਲੇ-ਦੁਆਲੇ ਲਾਗੂ ਗਤੀ ਸੀਮਾ ਦੀ ਉਲੰਘਣਾ ਕਰ ਰਹੀ ਸੀ। ਪੁਲਿਸ ਨੂੰ ਖਦਸ਼ਾ ਹੈ ਕਿ ਤੇਜ਼ ਰਫ਼ਤਾਰ ਕਾਰਨ ਬੱਸ ਚਾਲਕ ਵਾਹਨ ਤੋਂ ਕੰਟਰੋਲ ਗੁਆ ਬੈਠਾ, ਜਿਸ ਤੋਂ ਬਾਅਦ ਬੱਸ ਦੀ ਕੰਟੇਨਰ ਟਰੱਕ ਨਾਲ ਟੱਕਰ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।