ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 5.9 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਬਠਿੰਡਾ ਵਿੱਚ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਆਏ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਨਾਲ ਠੰਢ ਦਾ ਅਸਰ ਵਧਣ ਦੀ ਸੰਭਾਵਨਾ ਹੈ।
ਇਨ੍ਹਾਂ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
15 ਨਵੰਬਰ ਤੋਂ ਨਵੀਂ ਪੱਛਮੀ ਗੜਬੜੀ ਦਾ ਅਸਰ
ਮੌਸਮ ਵਿਭਾਗ ਅਨੁਸਾਰ ਮੌਜੂਦਾ ਪੱਛਮੀ ਗੜਬੜੀ ਸਮੁੰਦਰ ਤਲ ਤੋਂ ਲਗਭਗ 5.8 ਕਿਲੋਮੀਟਰ ਦੀ ਉਚਾਈ ’ਤੇ ਮੱਧ-ਕਸ਼ੋਭਮੰਡਲ ਵਿੱਚ ਟਰੱਫ ਦੇ ਰੂਪ ਵਿੱਚ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਇੱਕ ਹੋਰ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ ਪੰਜਾਬ ਵਿੱਚ 15 ਨਵੰਬਰ ਤੋਂ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦਾ ਤਾਪਮਾਨ
ਟ੍ਰਾਈਸਿਟੀ ਲਈ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 14 ਨਵੰਬਰ ਨੂੰ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 15 ਨਵੰਬਰ ਨੂੰ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
16 ਤੋਂ 18 ਨਵੰਬਰ ਤੱਕ ਵਧੇਗੀ ਠੰਢ
ਮੌਸਮ ਵਿਭਾਗ ਅਨੁਸਾਰ ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। 16 ਤੋਂ 18 ਨਵੰਬਰ ਦੌਰਾਨ ਟ੍ਰਾਈਸਿਟੀ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਹੈ। ਇਸ ਕਾਰਨ ਸਵੇਰ ਅਤੇ ਰਾਤ ਦੇ ਸਮੇਂ ਠੰਢ ਦਾ ਅਸਰ ਵਧ ਸਕਦਾ ਹੈ।