ਸ਼ਰਧਾਲੂਆਂ ਨਾਲ ਭਰੀ ਦੋ ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 4 ਦੀ ਮੌਤ, 21 ਜ਼ਖ਼ਮੀ
Tarn Taran Accident; ਤਰਨਤਾਰਨ ਵਿੱਚ ਸ਼ਨੀਵਾਰ ਨੂੰ ਨੈਸ਼ਨਲ ਹਾਈਵੇ-54 ‘ਤੇ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ, ਇਸ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 21 ਲੋਕ ਜ਼ਖ਼ਮੀ ਹੋ ਗਏ। ਦੋਵੇਂ ਬੱਸਾਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ‘ਤੇ ਲੈ ਕੇ ਗਈਆਂ ਸਨ।
ਜਾਣਕਾਰੀ ਅਨੁਸਾਰ, ਸ਼ਰਧਾਲੂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਨੇੜੇ ਅਚਾਨਕ ਮੋਟਰਸਾਈਕਲ ਸਵਾਰ ਸਾਹਮਣੇ ਆ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇੱਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਜਾ ਪਹੁੰਚੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਬੱਸਾਂ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਐਲਾਨ ਦਿੱਤੀ। ਸਾਰੀਆਂ ਐਂਬੂਲੈਂਸਾਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਅਤੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਨੂੰ ਬੁਲਾਇਆ ਗਿਆ।
ਡਾ. ਮੁਮਤਾਜ਼ ਮੁਤਾਬਕ, ਹਸਪਤਾਲ ਵਿੱਚ ਹੁਣ ਤੱਕ ਚਾਰ ਲਾਸ਼ਾਂ ਲਿਆਂਦੀਆਂ ਗਈਆਂ ਹਨ। ਇਸ ਤੋਂ ਇਲਾਵਾ 12 ਪੁਰਸ਼ਾਂ ਅਤੇ 9 ਔਰਤਾਂ ਸਮੇਤ ਕੁੱਲ 21 ਜ਼ਖ਼ਮੀਆਂ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ। ਮ੍ਰਿਤਕਾਂ ਵਿੱਚ ਇੱਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ।
ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਦੌਰਾਨ ਰਸਤੇ ਵਿੱਚ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ, ਜਿਸ ਕਾਰਨ ਤਿੰਨ ਐਂਬੂਲੈਂਸਾਂ ਵੀ ਜਾਮ ਵਿੱਚ ਫਸ ਗਈਆਂ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ‘ਤੇ ਭੇਜ ਦਿੱਤੀ ਗਈ ਸੀ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਜ਼ਖ਼ਮੀਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।