ਟਰੱਕ ਦੀ ਲਪੇਟ ‘ਚ ਆਉਣ ਨਾਲ ਔਰਤ ਦੀ ਮੌਤ, ਹਾਦਸੇ ਦੀ CCTV ਫੁਟੇਜ ਆਈ ਸਾਹਮਣੇ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਉਪਨਗਰ ਭੱਟਾਕੁਫਰ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਭੱਟਾਕੁਫਰ ਮੋੜ ਨੇੜੇ ਵਾਪਰਿਆ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਇੱਕ ਔਰਤ ਸੜਕ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਆਏ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਟਰੱਕ ਦਾ ਅਗਲਾ ਟਾਇਰ ਔਰਤ ਦੇ ਉੱਪਰੋਂ ਲੰਘ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਉਸ ਦੀ ਸ਼ਨਾਖਤ ਕਰਨ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।