ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਸੰਗਠਿਤ ਅਪਰਾਧਿਕ ਨੈੱਟਵਰਕ ਦੇ 5 ਮੁੱਖ ਸੰਚਾਲਕ ਗ੍ਰਿਫ਼ਤਾਰ
ਤਰਨ ਤਾਰਨ: ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਨਾਜਾਇਜ਼ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੁਲਿਸ ਮੁਤਾਬਕ, ਇਹ ਕਾਰਵਾਈ ਇਥੋਪੀਆ ਤੋਂ ਅਫਰੀਦੀ ਨੂੰ ਡਿਪੋਰਟ ਕਰਵਾਏ ਜਾਣ ਤੋਂ ਬਾਅਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਰਹੇ ਹਨ। ਇਨ੍ਹਾਂ ਵਿੱਚ ਫਿਰੌਤੀ ਲਈ ਕੀਤੀਆਂ ਗਈਆਂ ਗੋਲੀਬਾਰੀ ਦੀਆਂ ਵਾਰਦਾਤਾਂ ਵੀ ਸ਼ਾਮਲ ਹਨ।
ਜਾਂਚ ਏਜੰਸੀਆਂ ਅਨੁਸਾਰ, ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਨਾਜਾਇਜ਼ ਹਥਿਆਰ ਮੰਗਵਾਉਣ ਦੇ ਕੰਮ ਵਿੱਚ ਲੱਗੇ ਹੋਏ ਸਨ। ਵਿਦੇਸ਼ੀ ਹੈਂਡਲਰਾਂ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ ਜਾਂਦੀਆਂ ਸਨ।
ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਦੇ ਪਿੱਛੇ ਕੰਮ ਕਰ ਰਹੇ ਲੋਕਾਂ ਤੱਕ ਪਹੁੰਚਣ ਲਈ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ, ਗੈਂਗਸਟਰ ਗਤੀਵਿਧੀਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਮੁਹਿੰਮ ਜਾਰੀ ਰਹੇਗੀ।