ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਗੰਨੇ ਦੀ ਬਕਾਇਆ ਰਾਸ਼ੀ ਲਈ ਸੜਕਾਂ ‘ਤੇ ਆਏ
Mukerian Farmers Protest; ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਹੋਣ ਕਾਰਨ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੁਕੇਰੀਆਂ ਵਿਖੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਧਰਨਾ ਦੇ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।
ਕਿਸਾਨਾਂ ਦਾ ਦਾਅਵਾ ਹੈ ਕਿ ਖੰਡ ਮਿੱਲਾਂ ਵੱਲ ਗੰਨੇ ਦੀ ਫ਼ਸਲ ਦੀ ਕਰੀਬ 55 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਖੜ੍ਹੀ ਹੈ, ਜਿਸ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਪੈਸੇ ਨਾ ਮਿਲਣ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆ ਨੇ ਕਿਹਾ ਕਿ ਇਹ ਧਰਨਾ ਲੰਬੇ ਸਮੇਂ ਲਈ ਲਗਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰ ਵਾਰ ਸਰਕਾਰ ਵੱਲੋਂ ਵਾਅਦੇ ਕਰਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾ ਦਿੱਤਾ ਜਾਂਦਾ ਹੈ, ਪਰ ਬਾਅਦ ਵਿੱਚ ਮੰਗਾਂ ਪੂਰੀਆਂ ਨਹੀਂ ਹੁੰਦੀਆਂ।
ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਵੀ ਜਾਮ ਕੀਤਾ ਜਾ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ ਕੀਤੀ ਹੈ।