Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

SGPC ਚੋਣਾਂ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਆਮ ਚੋਣਾਂ ਅਤੇ ਸੰਸਥਾ ਦੇ ਕੰਮਕਾਜ ਵਿੱਚ ਕਥਿਤ ਭ੍ਰਿਸ਼ਟਾਚਾਰ ਤੇ ਭਾਈ-ਭਤੀਜਾਵਾਦ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਚੋਣਾਂ ਲਈ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ, 20 ਨਵੰਬਰ ਨੂੰ ਦਿੱਲੀ ‘ਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਆਮ ਚੋਣਾਂ ਅਤੇ ਸੰਸਥਾ ਦੇ ਕੰਮਕਾਜ ਵਿੱਚ ਕਥਿਤ ਭ੍ਰਿਸ਼ਟਾਚਾਰ ਤੇ ਭਾਈ-ਭਤੀਜਾਵਾਦ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਨੂੰ ਅੰਮ੍ਰਿਤਸਰ ਵਿੱਚ SGPC ਦਾ ਸਾਲਾਨਾ ਜਨਰਲ ਇਜਲਾਸ ਹੋਵੇਗਾ, ਪਰ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਇਸ ਦੀ ਬਜਾਏ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਇਕੱਠੀਆਂ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।

SGPC ਦੇ ਮੌਜੂਦਾ ਪ੍ਰਬੰਧਾਂ ‘ਤੇ ਚੁੱਕੇ ਸਵਾਲ

ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ SGPC ਦੇ ਮੌਜੂਦਾ ਹਾਲਾਤ ਦੀ ਤੁਲਨਾ ਇਸ ਦੇ ਇਤਿਹਾਸਕ ਗੌਰਵ ਨਾਲ ਕਰਦਿਆਂ ਕਿਹਾ ਕਿ ਪਹਿਲਾਂ ਇਸ ਸੰਸਥਾ ਦੇ ਪ੍ਰਧਾਨਾਂ ਦਾ ਵੱਖਰਾ ਰੁਤਬਾ ਹੁੰਦਾ ਸੀ। ਉਨ੍ਹਾਂ ਮਾਸਟਰ ਤਾਰਾ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਸੰਸਥਾ ਦੀ ਆਵਾਜ਼ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਸੀ, ਪਰ ਅੱਜ ਸੰਸਥਾ ਨੂੰ ਅੰਦਰੂਨੀ ਸਵਾਰਥਾਂ ਕਾਰਨ ਨੁਕਸਾਨ ਪਹੁੰਚ ਰਿਹਾ ਹੈ।

SGPC ਵਿੱਚ ਭਾਈ-ਭਤੀਜਾਵਾਦ ਦੇ ਗੰਭੀਰ ਦੋਸ਼

ਗਿਆਨੀ ਹਰਪ੍ਰੀਤ ਸਿੰਘ ਨੇ SGPC ਵਿੱਚ ਨੌਕਰੀਆਂ ਅਤੇ ਤਰੱਕੀਆਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ SGPC ਦੇ ਲਗਭਗ 40 ਤੋਂ 50 ਫ਼ੀਸਦੀ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਸਥਾ ਦੇ ਅਦਾਰਿਆਂ ਅਤੇ ਗੁਰਦੁਆਰਿਆਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਮੁਲਾਜ਼ਮਾਂ ਦੀ ਤਰੱਕੀ ਦੀ ਰਫ਼ਤਾਰ ਹੌਲੀ ਹੈ, ਜਦਕਿ ਪ੍ਰਭਾਵਸ਼ਾਲੀ ਲੋਕਾਂ ਦੇ ਰਿਸ਼ਤੇਦਾਰਾਂ ਦੀ ਤਰੱਕੀ 120 ਦੀ ਰਫ਼ਤਾਰ ਨਾਲ ਹੋ ਰਹੀ ਹੈ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

20 ਨਵੰਬਰ ਦੇ ਇਜਲਾਸ ਦਾ ਕਰਨਗੇ ਬਾਈਕਾਟ

SGPC ਦੇ ਸਾਲਾਨਾ ਇਜਲਾਸ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਬੀਬੀ ਕਿਰਨਜੋਤ ਕੌਰ ਵਰਗੇ ਮੈਂਬਰਾਂ ਦਾ ਮਾਈਕ ਤੱਕ ਖੋਹ ਲਿਆ ਜਾਂਦਾ ਹੈ। ਉਨ੍ਹਾਂ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਾਬੰਦੀ ਹਟਾਉਣ ਲਈ ਅਰਜ਼ੀ ਦੇਣ ਦੇ ਬਾਵਜੂਦ ਕੋਈ ਫ਼ੈਸਲਾ ਨਹੀਂ ਲਿਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਮੈਂਬਰਾਂ ਦੇ ਲੋਕਤੰਤਰੀ ਹੱਕ ਹੀ ਸੁਰੱਖਿਅਤ ਨਹੀਂ ਹਨ ਤਾਂ ਅਜਿਹੇ ਇਜਲਾਸ ਵਿੱਚ ਜਾਣ ਦਾ ਕੋਈ ਮਤਲਬ ਨਹੀਂ।

ਕੇਂਦਰ ਸਰਕਾਰ ਅਤੇ ਬਾਦਲ ਦਲ ਵਿਚਾਲੇ ਸਮਝੌਤੇ ਦਾ ਦਾਅਵਾ

SGPC ਦੀਆਂ ਆਮ ਚੋਣਾਂ ਵਿੱਚ ਹੋ ਰਹੀ ਦੇਰੀ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਕਥਿਤ ਅੰਦਰੂਨੀ ਸਮਝੌਤੇ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਦੋਵਾਂ ਵਿਚਾਲੇ ਸਮਝੌਤਾ ਨਾ ਹੁੰਦਾ ਤਾਂ ਕੇਂਦਰ ਸਰਕਾਰ ਹੁਣ ਤੱਕ SGPC ਦੀਆਂ ਚੋਣਾਂ ਕਰਵਾ ਚੁੱਕੀ ਹੁੰਦੀ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਸੰਸਥਾ ਦੇ ਪ੍ਰਬੰਧਾਂ ਵਿੱਚ ਪਾਰਦਰਸ਼ਤਾ ਪ੍ਰਭਾਵਿਤ ਹੋਈ ਹੈ।

ਉਨ੍ਹਾਂ ਪੰਥਕ ਜਥੇਬੰਦੀਆਂ, ਸਿੱਖ ਨੌਜਵਾਨਾਂ ਅਤੇ ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਸੂਬਿਆਂ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚਣ ਅਤੇ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕਰਨ।

ਬੀਬੀ ਜਗੀਰ ਕੌਰ ਅਤੇ ਚੰਦੂਮਾਜਰਾ ‘ਤੇ ਵੀ ਸਾਧੇ ਨਿਸ਼ਾਨੇ

ਪ੍ਰੈੱਸ ਕਾਨਫਰੰਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ‘ਤੇ ਵੀ ਤਨਜ਼ ਕੱਸਿਆ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਹੁਣ ਜਿੱਥੇ ਉਹ ਵਾਪਸ ਗਏ ਹਨ, ਉੱਥੇ ਹੀ ਟਿਕੇ ਰਹਿਣਾ ਚਾਹੀਦਾ ਹੈ।

ਪ੍ਰੇਮ ਸਿੰਘ ਚੰਦੂਮਾਜਰਾ ਬਾਰੇ ਉਨ੍ਹਾਂ ਦੋਸ਼ ਲਾਇਆ ਕਿ ਉਹ ਉਨ੍ਹਾਂ ਦੀ ਪਾਰਟੀ ਵਿੱਚ ਰਹਿ ਕੇ ਵੀ ਸੁਖਬੀਰ ਸਿੰਘ ਬਾਦਲ ਲਈ ਕੰਮ ਕਰ ਰਹੇ ਸਨ। ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਬਾਰੇ ਉਨ੍ਹਾਂ ਕਿਹਾ ਕਿ ਪੀਲੇ ਪੱਤੇ ਝੜ ਗਏ ਹਨ ਅਤੇ ਹੁਣ ਪਾਰਟੀ ਵਿੱਚ ਸਿਰਫ਼ ਹਰੇ ਪੱਤੇ ਹੀ ਬਚੇ ਹਨ।

ਗਠਜੋੜ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ

ਭਾਜਪਾ ਨਾਲ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਗਠਜੋੜ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂ ਸਾਹਿਬਾਨ ਨਾਲ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਸਾਰੀਆਂ 117 ਸੀਟਾਂ ‘ਤੇ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਰਹੇ ਹਨ। ਪਾਰਟੀ ਦੀ ਰਜਿਸਟ੍ਰੇਸ਼ਨ ਬਾਰੇ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨਾਲ ਪੱਤਰ ਵਿਹਾਰ ਅਤੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News