ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਸਕੂਲ ਜਾ ਰਹੇ ਇਕਲੌਤੇ ਪੁੱਤਰ ਦੀ ਮੌਤ
ਮਾਛੀਵਾੜਾ: ਮਾਛੀਵਾੜਾ ਵਿੱਚ ਸੋਮਵਾਰ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਰਣਜੋਤ ਸਿੰਘ ਵਾਸੀ ਪਿੰਡ ਜੀਵਨਪੁਰ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਰਣਜੋਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਪਿੰਡ ਤੋਂ ਸਕੂਲ ਜਾਣ ਲਈ ਨਿਕਲਿਆ ਸੀ। ਜਦੋਂ ਉਹ ਮਾਛੀਵਾੜਾ ਪੁਲਸ ਥਾਣੇ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਵਿੱਚ ਆ ਰਹੇ ਮੋਟਰਸਾਈਕਲ ਸਵਾਰਾਂ ਨਾਲ ਉਸ ਦੇ ਵਾਹਨ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਮਾਛੀਵਾੜਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਬਾਅਦ ਵਿੱਚ ਫੋਰਟਿਸ ਹਸਪਤਾਲ ਵਿੱਚ ਇਲਾਜ ਲਈ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਪਟਵਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਕਲੌਤੇ ਪੁੱਤਰ ਦੀ ਮੌਤ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਰਣਜੋਤ ਦੀ ਬੇਵਕਤੀ ਮੌਤ ਨਾਲ ਉਸ ਦੇ ਸਕੂਲੀ ਸਾਥੀਆਂ ਵਿੱਚ ਵੀ ਮਾਤਮ ਛਾਇਆ ਹੋਇਆ ਹੈ।
ਇਸ ਸਬੰਧੀ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਉੱਧਰ, ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਖਦਸ਼ਾ ਜਤਾਇਆ ਹੈ ਕਿ ਮੋਟਰਸਾਈਕਲ ਸਵਾਰ ਨਸ਼ੇ ਦੀ ਹਾਲਤ ਵਿੱਚ ਹੋ ਸਕਦੇ ਸਨ। ਪੁਲਿਸ ਵੱਲੋਂ ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।