ਕਿਸਾਨਾਂ ਦੀ ਤੀਜੇ ਦਿਨ ਮੀਟਿੰਗ ਬੇਨਤੀਜਾ, ਮੰਗਾਂ ਦੇ ਵਿਰੋਧ ‘ਚ ਜਾਮ ਕੀਤਾ ਹਾਈਵੇਅ, ਸਰਕਾਰ ਨੂੰ ਚੇਤਾਵਨੀ
ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ, ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਦਾ ਇੱਕ ਪਾਸਾ ਕੀਤਾ ਜਾਮ
Hoshiarpur Farmers Protest; ਗੰਨੇ ਦੇ ਭਾਅ ਵਧਾਉਣ ਅਤੇ ਬਕਾਇਆ ਰਾਸ਼ੀ ਦਾ ਜਲਦ ਭੁਗਤਾਨ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਤੇਜ਼ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸ਼ੂਗਰ ਮਿੱਲ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨਾਂ ਨੇ ਅੱਜ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਦਾ ਜਲੰਧਰ ਵੱਲ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ।
ਹਾਈਵੇਅ ਜਾਮ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ
ਜਾਣਕਾਰੀ ਮੁਤਾਬਕ, ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਸ਼ੂਗਰ ਮਿੱਲ ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਕਿਸਾਨ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ੂਗਰ ਮਿੱਲ ਪ੍ਰਬੰਧਕਾਂ ਵਿਚਾਲੇ ਕਈ ਦੌਰ ਦੀਆਂ ਮੀਟਿੰਗਾਂ ਵੀ ਹੋਈਆਂ, ਪਰ ਕਿਸੇ ਵੀ ਮੁੱਦੇ ‘ਤੇ ਸਹਿਮਤੀ ਨਹੀਂ ਬਣ ਸਕੀ।
ਮੀਟਿੰਗਾਂ ਬੇਨਤੀਜਾ ਰਹਿਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਪਹਿਲਾਂ ਤੋਂ ਤੈਅ ਕੀਤੇ ਅਲਟੀਮੇਟਮ ਤਹਿਤ ਹਾਈਵੇਅ ਜਾਮ ਕਰਨ ਦਾ ਫ਼ੈਸਲਾ ਲਿਆ।
ਹਾਈਵੇਅ ਦੀ ਦੂਜੀ ਲੇਨ ਵੀ ਬੰਦ ਕਰਨ ਦੀ ਚਿਤਾਵਨੀ
ਧਰਨੇ ‘ਤੇ ਬੈਠੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਸ ਸਥਿਤੀ ਲਈ ਸਿੱਧੇ ਤੌਰ ‘ਤੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਗੰਨੇ ਦਾ ਭਾਅ ਨਹੀਂ ਵਧਾਇਆ ਜਾਂਦਾ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾਂਦੀ, ਉਦੋਂ ਤੱਕ ਜਲੰਧਰ ਵੱਲ ਜਾਣ ਵਾਲਾ ਰਸਤਾ ਬੰਦ ਰਹੇਗਾ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਮਜਬੂਰਨ ਹਾਈਵੇਅ ਦੀ ਦੂਜੀ ਲੇਨ ਵੀ ਬੰਦ ਕਰ ਦੇਣਗੇ।