MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਦਿੱਤੀ ਇੱਕ ਦਿਨ ਦੀ ਪੈਰੋਲ
- ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਉਣਗੇ ਜੇਲ੍ਹ ਤੋਂ ਬਾਹਰ
- ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ’ਚ ਹੋਣਗੇ ਸ਼ਾਮਲ
- ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਸੰਸਦ ਮੈਂਬਰ
ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਇੱਕ ਦਿਨ ਦੀ ਪੈਰੋਲ ਮਨਜ਼ੂਰ ਕਰ ਦਿੱਤੀ ਹੈ। ਇਸ ਤਹਿਤ ਉਹ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ ਅਤੇ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਅਦਾਲਤ ਦੇ ਫੈਸਲੇ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਾਰਟੀ ਅਕਾਲੀ ਦਲ-ਵਾਰਿਸ ਪੰਜਾਬ ਦੇ ਵੱਲੋਂ ਸੋਸ਼ਲ ਮੀਡੀਆ ’ਤੇ 21 ਨਵੰਬਰ ਨੂੰ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ਸਬੰਧੀ ਪੋਸਟ ਸਾਂਝੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਬੀਤੀ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਅਜੇ ਤੱਕ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਮਿਲੀ ਸੀ, ਪਰ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਲਿਆਂਦਾ ਜਾ ਸਕਿਆ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ 21 ਤੋਂ 23 ਨਵੰਬਰ ਤੱਕ ਪੈਰੋਲ ਦੇਣ ਦੀ ਮੰਗ ਕਰਦਿਆਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹੁਣ ਅਦਾਲਤ ਨੇ ਇੱਕ ਦਿਨ ਦੀ ਪੈਰੋਲ ਮਨਜ਼ੂਰ ਕੀਤੀ ਹੈ।