ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲਣ ਦਾ ਕੇਂਦਰ ਸਰਕਾਰ ਵੱਲੋਂ ਵਿਰੋਧ
- ਸੁਪਰੀਮ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ
- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ’ਚ ਦੋਸ਼ੀ ਹੈ ਰਾਜੋਆਣਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਮੰਗ ਦਾ ਵਿਰੋਧ ਕੀਤਾ ਹੈ। ਰਾਜੋਆਣਾ ਨੇ ਪਟੀਸ਼ਨ ਦਾਇਰ ਕਰਕੇ ਆਪਣੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ 18 ਨਵੰਬਰ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣੀਆਂ ਅੰਤਿਮ ਦਲੀਲਾਂ ਅਤੇ ਪੱਖ ਰੱਖਿਆ ਜਾਣਾ ਹੈ।
ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ। ਇਸੇ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।