ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ, ਪੜ੍ਹੋ ਕੀ ਹੈ ਮਾਮਲਾ ?
ਪਟਿਆਲਾ: ਨਗਰ ਨਿਗਮ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਵਿਧਾਇਕ ਨੂੰ 24 ਘੰਟਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਦੇ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ, 12 ਨਵੰਬਰ ਨੂੰ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਪਟਿਆਲਾ ਨਗਰ ਨਿਗਮ ਦੀ ਹੱਦ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।
ਕਮਿਸ਼ਨ ਦੇ ਧਿਆਨ ਵਿੱਚ ਆਇਆ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ ਨੰਬਰ 33 ਵਿੱਚ ਕੁਝ ਵਿਕਾਸ ਕਾਰਜਾਂ ਦਾ ਐਲਾਨ ਕੀਤਾ ਸੀ। ਇਸ ਮੌਕੇ ਨਗਰ ਨਿਗਮ ਪਟਿਆਲਾ ਦੀ ਵਧੀਕ ਕਮਿਸ਼ਨਰ ਸਿਮਰਜੀਤ ਕੌਰ ਅਤੇ ਐੱਸਡੀਐੱਮ ਗੁਰਦੇਵ ਸਿੰਘ ਧਾਮ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ, ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ਨੂੰ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨਾਲ ਜੋੜਦਿਆਂ ਵਿਧਾਇਕ ਤੋਂ ਸਪੱਸ਼ਟੀਕਰਨ ਮੰਗਿਆ ਹੈ।
ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਰਧਾਰਤ ਸਮੇਂ ਅੰਦਰ ਜਵਾਬ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।