ਸੰਗਰੂਰ ‘ਚ ਘਰ ਅੰਦਰੋਂ ਔਰਤ ਅਤੇ ਨੌਜਵਾਨ ਦੀ ਲਾਸ਼ ਮਿਲੀ, ਇਲਾਕੇ ‘ਚ ਫ਼ੈਲੀ ਸਨਸਨੀ
Sangrur News; ਸੰਗਰੂਰ ਜ਼ਿਲ੍ਹੇ ਦੇ ਧੂਰੀ ਸਥਿਤ ਗੁਰੂ ਤੇਗ ਬਹਾਦਰ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਘਰ ਅੰਦਰੋਂ ਔਰਤ ਅਤੇ ਨੌਜਵਾਨ ਦੀਆਂ ਦੋ ਮ੍ਰਿਤਕ ਦੇਹਾਂ ਬਰਾਮਦ ਹੋਈਆਂ। ਮ੍ਰਿਤਕ ਔਰਤ ਦੀ ਪਛਾਣ 31 ਸਾਲਾ ਹਰਪਾਲ ਕੌਰ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਪੁਨਾਵਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਪੁਲਿਸ ਮੁਤਾਬਕ ਔਰਤ ਦੇ ਪਤੀ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸ ਦੀ ਪਤਨੀ ਘਰ ਦਾ ਦਰਵਾਜ਼ਾ ਨਹੀਂ ਖੋਲ੍ਹ ਰਹੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਖੁਲ੍ਹਵਾਇਆ। ਜਦੋਂ ਪੁਲਿਸ ਨੇ ਘਰ ਅੰਦਰ ਜਾ ਕੇ ਦੇਖਿਆ ਤਾਂ ਉੱਥੋਂ ਦੋ ਮ੍ਰਿਤਕ ਦੇਹਾਂ ਬਰਾਮਦ ਹੋਈਆਂ।
ਜਾਣਕਾਰੀ ਅਨੁਸਾਰ ਔਰਤ ਦੀ ਮ੍ਰਿਤਕ ਦੇਹ ਘਰ ਦੇ ਫਰਸ਼ ‘ਤੇ ਪਈ ਸੀ, ਜਦਕਿ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ। ਪੁਲਿਸ ਨੇ ਦੋਵਾਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਫਿਲਹਾਲ ਇਸ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।