ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ
- 21 ਨਵੰਬਰ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਪਹੁੰਚਣਗੇ ਸੰਸਦ ਮੈਂਬਰ
- ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ਲਈ ਮਿਲੀ 3 ਘੰਟੇ ਦੀ ਕਸਟਡੀ ਪੈਰੋਲ
ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਵੀਰਵਾਰ (19 ਨਵੰਬਰ) ਨੂੰ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ। ਟੀਮ ਦੀ ਅਗਵਾਈ ਡੀਐੱਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ।
ਪੁਲਿਸ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਲਿਆਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਯੋਜਨਾ ਮੁਤਾਬਕ ਉਹ 21 ਨਵੰਬਰ ਨੂੰ ਅੰਮ੍ਰਿਤਸਰ ਪਹੁੰਚਣਗੇ।
ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਕਸਟਡੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਯਾਨੀ ਤਿੰਨ ਘੰਟਿਆਂ ਲਈ ਪੈਰੋਲ ਮਿਲੀ ਹੈ।
ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਅਤੇ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਉਣ ਤੇ ਮੁੜ ਜੇਲ੍ਹ ਪਹੁੰਚਾਉਣ ਦੇ ਪ੍ਰਬੰਧਾਂ ਦਾ ਖਰਚਾ ਪੂਰਾ ਕਰਨ ਲਈ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਪੁਲਿਸ ਵੱਲੋਂ ਵਾਪਸੀ ਦੇ ਸਫ਼ਰ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।