ਸਪੇਨ ’ਚ ਪੰਜਾਬੀ ਨੌਜਵਾਨ ਦੀ ਹੱਤਿਆ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਜਲੰਧਰ (ਮੇਜਰ ਸਿੰਘ): ਸਪੇਨ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਿਆਸ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਮਨਪ੍ਰੀਤ ਸਿੰਘ ਦੀ ਕਥਿਤ ਤੌਰ ’ਤੇ ਚਾਕੂ ਨਾਲ ਕੀਤੇ ਹਮਲੇ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਰਹਿ ਰਹੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਸਰਕਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਮਨਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਪਿੰਡ ਵਿੱਚ ਕੀਤਾ ਜਾ ਸਕੇ।
ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ 31 ਤਰੀਕ ਨੂੰ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਨਾਲ ਇੱਕੋ ਕੰਪਨੀ ਵਿੱਚ ਕੰਮ ਕਰਨ ਵਾਲੇ ਪਵਨ ਵੀਰ ਸਿੰਘ, ਜੋ ਜਲੰਧਰ ਜ਼ਿਲ੍ਹੇ ਦੇ ਪਿੰਡ ਦੁਸਾਂਝਾਂ ਦਾ ਰਹਿਣ ਵਾਲਾ ਹੈ, ਨੇ ਤਿੰਨ ਨੌਜਵਾਨਾਂ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮਨਪ੍ਰੀਤ ਦੀ ਗੰਭੀਰ ਸੱਟ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਤਿੰਨ ਭੈਣਾਂ ਦਾ ਇਕਲੌਤਾ ਸਹਾਰਾ ਸੀ ਮਨਪ੍ਰੀਤ
ਮਨਪ੍ਰੀਤ ਦੇ ਪਰਿਵਾਰ ਦੀ ਕਹਾਣੀ ਹੋਰ ਵੀ ਦਰਦਨਾਕ ਹੈ। ਉਸ ਦੇ ਪਿਤਾ ਦਾ ਕਰੀਬ 14 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਤਿੰਨ ਭੈਣਾਂ ਦਾ ਇਕਲੌਤਾ ਭਰਾ ਹੋਣ ਕਾਰਨ ਘਰ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਮਨਪ੍ਰੀਤ ਦੇ ਮੋਢਿਆਂ ’ਤੇ ਸਨ। ਪਰਿਵਾਰ ਮੁਤਾਬਕ, ਉਸ ਦੀ ਵੱਡੀ ਭੈਣ ਦੇ ਪਤੀ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਬੱਚਿਆਂ ਸਮੇਤ ਪੇਕੇ ਘਰ ਰਹਿ ਰਹੀ ਸੀ। ਭੈਣ ਅਤੇ ਉਸ ਦੇ ਬੱਚਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਮਨਪ੍ਰੀਤ ਹੀ ਨਿਭਾ ਰਿਹਾ ਸੀ।
ਭੈਣਾਂ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ
ਭਰਾ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਭੈਣਾਂ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਭਰਾ ਦੀ ਮ੍ਰਿਤਕ ਦੇਹ ਜਲਦੀ ਪੰਜਾਬ ਲਿਆਂਦੀ ਜਾਵੇ, ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਹੁਣ ਤੱਕ ਉਨ੍ਹਾਂ ਨੂੰ ਸਪੇਨ ਦੇ ਪ੍ਰਸ਼ਾਸਨ ਵੱਲੋਂ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਸਮਾਜਿਕ ਸੰਸਥਾਵਾਂ ਨੂੰ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।