ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਗਿਆ ਬਾਹਰ, ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ਲਈ ਹੋਈ ਰਵਾਨਾ
ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਜੇਲ੍ਹ ਤੋਂ ਆਪਣੇ ਨਾਲ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋ ਚੁੱਕੀ ਹੈ। ਪੁਲਿਸ ਟੀਮ ਪਹਿਲਾਂ ਉਨ੍ਹਾਂ ਨੂੰ ਦਿੱਲੀ ਲੈ ਕੇ ਪਹੁੰਚੇਗੀ, ਜਿੱਥੋਂ ਦੁਪਹਿਰ ਕਰੀਬ 2:30 ਵਜੇ ਫਲਾਈਟ ਰਾਹੀਂ ਪੰਜਾਬ ਆਉਣਗੇ।
ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ।
ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਤੋਂ ਬਾਅਦ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੜ ਜੇਲ੍ਹ ਲਿਜਾਣ ਦੀ ਜ਼ਿੰਮੇਵਾਰੀ ਵੀ ਪੁਲਿਸ ਦੀ ਹੋਵੇਗੀ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਾਉਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।