ਦਰਦਨਾਕ ਸੜਕ ਹਾਦਸਾ: ਤੇਜ਼ ਰਫ਼ਤਾਰ ਗੱਡੀ ਨੇ ਮਾਂ ਨੂੰ ਪੁੱਤ ਦੇ ਸਾਹਮਣੇ ਕੁਚਲਿਆ, ਮੌਕੇ ‘ਤੇ ਮੌਤ
ਲੁਧਿਆਣਾ: ਸ਼ਹਿਰ ਦੇ ਤਾਜਪੁਰ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਜਾਨ ਚਲੀ ਗਈ। ਮਹਿਲਾ ਆਪਣੇ ਪੁੱਤ ਨਾਲ ਮੋਟਰਸਾਈਕਲ ’ਤੇ ਦਵਾਈ ਲੈ ਕੇ ਘਰ ਵਾਪਸ ਜਾ ਰਹੀ ਸੀ, ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸੇ ਵਿੱਚ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ, ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮਹਿਲਾ ਗੱਡੀ ਦੇ ਪਹੀਏ ਹੇਠਾਂ ਆ ਗਈ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਮਹਿਲਾ ਦੇ ਪੁੱਤ ਵੱਲੋਂ ਰੌਲਾ ਪਾਉਣ ’ਤੇ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਡਰਾਈਵਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਮਾਂ ਦੀ ਮੌਤ ਕਾਰਨ ਪੁੱਤ ਅਤੇ ਹੋਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਸੂਚਨਾ ਮਿਲਣ ’ਤੇ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀ ਅਨੁਸਾਰ, ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ’ਤੇ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।