ਮੋਗਾ ‘ਚ AAP ਦੀ ‘ਖੁਸ਼ਹਾਲ ਪੰਜਾਬ ਰੈਲੀ’, ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਕੁਲਤਾਰ ਸਿੰਘ ਸੰਧਵਾਂ
ਮੋਗਾ: ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਮਟਵਾਣੀ ਵਿਖੇ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾਵੇਗੀ। ਇਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਰੈਲੀ ਵਿੱਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਕੈਬਨਿਟ ਮੰਤਰੀ, ਵਿਧਾਇਕ ਅਤੇ ਪਾਰਟੀ ਅਹੁਦੇਦਾਰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਹ ਸਿਰਫ਼ ਪਾਰਟੀ ਦਾ ਸਥਾਪਨਾ ਦਿਵਸ ਨਹੀਂ, ਸਗੋਂ ਪੰਜਾਬ ਦੇ ਲੋਕਾਂ ਵੱਲੋਂ ਸਰਕਾਰ ਦੇ ਕੰਮਾਂ ਦਾ ਜਸ਼ਨ ਮਨਾਉਣ ਦਾ ਮੌਕਾ ਵੀ ਹੋਵੇਗਾ।
ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ‘ਚ ਬਦਲਾਅ ਦਾ ਦਾਅਵਾ
ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਦੇਸ਼ਾਂ ਤੋਂ ਆਉਣ ਵਾਲੇ ਲੋਕ ਵੀ ਸ਼ਲਾਘਾ ਕਰ ਰਹੇ ਹਨ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ, ਆਮ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਇਲਾਜ ਦੀਆਂ ਸਹੂਲਤਾਂ ਨੂੰ ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦੱਸਿਆ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 80 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਿੰਡਾਂ ਵਿੱਚ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਾਅਵਾ
ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਸਮਾਜ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸਰਕਾਰ ਦਾ ਸਾਥ ਦੇਣ ਅਤੇ ਨਸ਼ਾ ਤਸਕਰਾਂ ਦੀ ਜ਼ਮਾਨਤ ਕਰਵਾਉਣ ਵਾਲਿਆਂ ਤੋਂ ਵੀ ਸਵਾਲ ਕਰਨ।
ਉਨ੍ਹਾਂ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਸਮਾਜ ਦੇ ਸਹਿਯੋਗ ਨਾਲ ਨਸ਼ਿਆਂ ਦੀ ਬਾਕੀ ਸਮੱਸਿਆ ਨੂੰ ਵੀ ਖ਼ਤਮ ਕੀਤਾ ਜਾਵੇਗਾ।
2027 ਦੀਆਂ ਚੋਣਾਂ ਨੂੰ ਲੈ ਕੇ ਵੀ ਦਿੱਤਾ ਬਿਆਨ
ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦੇ ਕੇ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕੰਮ ਲੋਕਾਂ ਤੱਕ ਪਹੁੰਚ ਰਹੇ ਹਨ ਅਤੇ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਬਰਕਰਾਰ ਹੈ। ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ।
ਪਿਛਲੀਆਂ ਸਰਕਾਰਾਂ ‘ਤੇ ਵੀ ਸਾਧਿਆ ਨਿਸ਼ਾਨਾ
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਿਕਾਸ ਦੇ ਨਾਂ ‘ਤੇ ਘਪਲੇ ਹੁੰਦੇ ਸਨ ਅਤੇ ਸੜਕਾਂ ਦੀ ਮੁਰੰਮਤ ਸਿਰਫ਼ ਕਾਗਜ਼ਾਂ ਵਿੱਚ ਹੀ ਹੋ ਜਾਂਦੀ ਸੀ। ਜਦਕਿ ਮੌਜੂਦਾ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਨੇ ਇਸ ਨੂੰ ‘ਠੱਗ ਗੱਠਜੋੜ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਪੁਰਾਣੇ ਕਾਰਜਕਾਲ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਆਪਸ ਵਿੱਚ ਹੀ ਉਲਝੇ ਹੋਏ ਹਨ ਅਤੇ ਲੋਕਾਂ ਦੇ ਮੁੱਦਿਆਂ ਤੋਂ ਦੂਰ ਹਨ।
ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਦਾ ਵੀ ਕੀਤਾ ਜ਼ਿਕਰ
ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਹੋਏ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੜਕਾਂ, ਪੁਲਾਂ ਅਤੇ ਨਹਿਰੀ ਪਾਣੀ ਨਾਲ ਜੁੜੇ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੇਵਕ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।
ਅਖੀਰ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ।