ਚੋਣਾਂ ਤੋਂ ਪਹਿਲਾਂ AAP ਦੇ ਇੱਕ ਹੋਰ ਵਿਧਾਇਕ ‘ਤੇ ED ਦਾ ਸ਼ਿਕੰਜਾ, 27 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ
Davinderjit Singh Ladi Dhos ED Summon; ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਦੇ ਇੱਕ ਹੋਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਰਡਾਰ ‘ਤੇ ਆ ਗਏ ਹਨ। ED ਵੱਲੋਂ ਉਨ੍ਹਾਂ ਨੂੰ 27 ਨਵੰਬਰ ਨੂੰ ਚੰਡੀਗੜ੍ਹ ਸਥਿਤ ਆਪਣੇ ਜ਼ੋਨਲ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ED ਨੇ ਇਹ ਕਾਰਵਾਈ ਨੈਸ਼ਨਲ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿੱਚ ਕਥਿਤ ਤੌਰ ‘ਤੇ ਕਰੀਬ ਇੱਕ ਕਰੋੜ ਰੁਪਏ ਦੇ ਗਲਤ ਮੁਆਵਜ਼ੇ ਨਾਲ ਜੁੜੇ ਮਾਮਲੇ ਵਿੱਚ ਕੀਤੀ ਹੈ। ਵਿਧਾਇਕ ‘ਤੇ ਲੁਧਿਆਣਾ ਤੋਂ ਇਲਾਵਾ ਮੋਗਾ ਵਿੱਚ ਸ਼ਮਸ਼ਾਨਘਾਟ ਦੀ ਜ਼ਮੀਨ ਐਕਵਾਇਰ ਕਰਨ ਦੌਰਾਨ ਮੁਆਵਜ਼ੇ ਵਿੱਚ ਬੇਨਿਯਮੀਆਂ ਦੇ ਦੋਸ਼ ਲੱਗੇ ਹਨ।
ਇਹ ਮਾਮਲਾ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਅਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨਾਲ ਵੀ ਜੁੜਿਆ ਹੋਇਆ ਹੈ। ਇਸ ਮਾਮਲੇ ਵਿੱਚ ਵਿਧਾਇਕ ਅਰੋੜਾ, ਉਨ੍ਹਾਂ ਦੇ ਪਤੀ, ਵਿਧਾਇਕ ਲਾਡੀ ਢੋਸ ਸਮੇਤ ਕਰੀਬ 10 ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਨ੍ਹਾਂ ਵਿੱਚ ਕੁਝ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ।