ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ
ਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਨਾਲ ਸਬੰਧਤ ਸੇਖੋਂ ਪਰਿਵਾਰ ਲਈ ਮਾਣ ਵਾਲਾ ਪਲ ਆਇਆ ਹੈ। ਪਰਿਵਾਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਕਾਂਸਟੇਬਲ ਵਜੋਂ ਚੋਣ ਹੋਈ ਹੈ। ਇਸ ਪ੍ਰਾਪਤੀ ਨਾਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਗੁਰਪ੍ਰੀਤ ਸਿੰਘ, ਡਾ. ਬਲਵੀਰ ਸਿੰਘ ਸੇਖੋਂ ਦੇ ਪੋਤਰੇ ਹਨ। ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਪੰਜਾਬ ਪੁਲਿਸ ਵਿੱਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦਕਿ ਉਨ੍ਹਾਂ ਦੇ ਦਾਦਾ ਜੀ ਵੀ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਹੋਏ ਹਨ। ਇਸ ਤਰ੍ਹਾਂ ਪਰਿਵਾਰ ਦੀਆਂ ਪਿਛਲੀਆਂ ਪੀੜ੍ਹੀਆਂ ਤੋਂ ਹੀ ਪੁਲਿਸ ਅਤੇ ਸੁਰੱਖਿਆ ਸੇਵਾਵਾਂ ਨਾਲ ਜੁੜਨ ਦੀ ਪਰੰਪਰਾ ਚੱਲੀ ਆ ਰਹੀ ਹੈ।
ਪਰਿਵਾਰਕ ਜਾਣਕਾਰੀ ਮੁਤਾਬਕ ਸੇਖੋਂ ਪਰਿਵਾਰ ਦੇ 10 ਤੋਂ ਵੱਧ ਮੈਂਬਰ ਪੁਲਿਸ ਅਤੇ ਫੌਜ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ। ਗੁਰਪ੍ਰੀਤ ਦੀ ਟੋਰਾਂਟੋ ਪੁਲਿਸ ਵਿੱਚ ਚੋਣ ਤੋਂ ਬਾਅਦ ਪਰਿਵਾਰ ਦੀ ਚੌਥੀ ਪੀੜ੍ਹੀ ਵੀ ਸੁਰੱਖਿਆ ਬਲਾਂ ਨਾਲ ਜੁੜ ਗਈ ਹੈ।
ਕੈਨੇਡਾ ਵਿੱਚ ਸਿਖਲਾਈ ਪੂਰੀ ਕਰਨ ਤੋਂ ਬਾਅਦ ਗੁਰਪ੍ਰੀਤ ਦੀ ਪਾਸਿੰਗ ਆਊਟ ਹੋਣ ’ਤੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਮਨਾਈ। ਇਸ ਮੌਕੇ ਲੱਡੂ ਵੰਡੇ ਗਏ ਅਤੇ ਢੋਲ ਦੀਆਂ ਤਾਲਾਂ ’ਤੇ ਭੰਗੜਾ ਪਾ ਕੇ ਜਸ਼ਨ ਮਨਾਇਆ ਗਿਆ।