ਯੂਏਈ ’ਚ ਦਰਦਨਾਕ ਸੜਕ ਹਾਦਸਾ: ਬੱਸ-ਟਰੱਕ ਦੀ ਟੱਕਰ ’ਚ 13 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ ਭਾਰਤੀ ਵੀ ਸ਼ਾਮਲ
ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ ਅਲ ਖ਼ੈਮਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਗਮ ਵਿੱਚ ਡੁਬੋ ਦਿੱਤਾ। ਮੰਗਲਵਾਰ ਨੂੰ 41 ਸਵਾਰੀਆਂ ਨਾਲ ਭਰੀ ਇੱਕ ਬੱਸ ਅਲ ਵਤਨ ਰੋਡ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਜਾਨ ਚਲੀ ਗਈ, ਜਦਕਿ 14 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਭਾਰਤੀ ਨਾਗਰਿਕ ਵੀ ਸ਼ਾਮਲ ਹਨ, ਪਰ ਉਨ੍ਹਾਂ ਦੀ ਸਹੀ ਗਿਣਤੀ ਅਜੇ ਸਪੱਸ਼ਟ ਨਹੀਂ ਹੋ ਸਕੀ।
ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਹਾਦਸੇ ਵਿੱਚ ਭਾਰਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਕੌਂਸਲੇਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਅਤੇ ਹੋਰ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।
ਯੂਏਈ ਦੇ ਗ੍ਰਹਿ ਮੰਤਰਾਲੇ ਅਨੁਸਾਰ ਇਹ ਹਾਦਸਾ ਰਾਸ ਅਲ ਖ਼ੈਮਾ ਦੀ ਅਲ ਵਤਨ ਰੋਡ ’ਤੇ ਵਾਪਰਿਆ। ਬੱਸ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਐਮਰਜੈਂਸੀ ਟੀਮਾਂ ਨੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।
ਹਾਦਸੇ ਤੋਂ ਬਾਅਦ ਪਹਿਲਾਂ 11 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਦੋ ਹੋਰ ਜ਼ਖ਼ਮੀਆਂ ਨੇ ਦਮ ਤੋੜ ਦਿੱਤਾ। ਇਸ ਨਾਲ ਮੌਤਾਂ ਦੀ ਗਿਣਤੀ ਵਧ ਕੇ 13 ਹੋ ਗਈ।