ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ
ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬੰਦ ਕਰਨ ਦੇ ਫ਼ੈਸਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਨੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਸੀ।
ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੁਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ 7 ਮਈ 2025 ਤੋਂ ਕਰਤਾਰਪੁਰ ਲਾਂਘਾ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੇ ਅਜਿਹੇ ਨੀਤੀਗਤ ਫ਼ੈਸਲੇ ਵਿੱਚ ਅਸਾਧਾਰਨ ਰਿੱਟ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਬਣਦਾ।
ਇਹ ਪਟੀਸ਼ਨ ਗੈਰ-ਸਰਕਾਰੀ ਸੰਸਥਾ ‘ਪਾਰਦਰਸ਼ਿਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ’ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਸਿੱਖ ਸ਼ਰਧਾਲੂਆਂ ਦੀ ਆਸਥਾ ਦਾ ਹਵਾਲਾ ਦਿੰਦਿਆਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਸੀ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ। ਹਾਲਾਂਕਿ, ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਪਟੀਸ਼ਨਰ ਵੱਲੋਂ ਇਸ ਸਬੰਧੀ ਅਧਿਕਾਰੀਆਂ ਨੂੰ ਦਿੱਤਾ ਗਿਆ ਮੰਗ ਪੱਤਰ ਅਜੇ ਵਿਚਾਰ ਅਧੀਨ ਹੈ। ਬੈਂਚ ਨੇ ਉਮੀਦ ਜਤਾਈ ਕਿ ਸਬੰਧਤ ਅਧਿਕਾਰੀ ਇਸ ਮੰਗ ਪੱਤਰ ’ਤੇ ਗੌਰ ਕਰਨਗੇ।