ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ
- ਖਟਕੜ ਕਲਾਂ ਤੋਂ ਹੋਵੇਗੀ ਸ਼ੁਰੂਆਤ, 12 ਦਸੰਬਰ ਤੱਕ ਚੱਲੇਗੀ ਯਾਤਰਾ
- ਚਮਕੌਰ ਸਾਹਿਬ ਹਲਕੇ ਤੋਂ 2 ਹਜ਼ਾਰ ਨੌਜਵਾਨ ਲੈਣਗੇ ਹਿੱਸਾ
ਮੋਰਿੰਡਾ: ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਾਂਗਰਸ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕੀਤੀ ਜਾਵੇਗੀ। ਇਸ ਦਾ ਐਲਾਨ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ਵਿਖੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ।
ਚੰਨੀ ਨੇ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਹੋਵੇਗੀ ਅਤੇ ਇਹ 12 ਦਸੰਬਰ ਤੱਕ ਜਾਰੀ ਰਹੇਗੀ। ਉਨ੍ਹਾਂ ਮੁਤਾਬਕ, ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਲਗਭਗ 2,000 ਨੌਜਵਾਨ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣਾ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਸਾਂਝੇ ਯਤਨ ਕਰਨੇ ਜ਼ਰੂਰੀ ਹਨ।
ਇਸ ਮੌਕੇ ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਸੂਬੇ ਵਿੱਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਯਤਨ ਜਾਰੀ ਰੱਖੇਗੀ।