ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ
ਚੰਡੀਗੜ੍ਹ: ਨਿਵੇਸ਼ਕਾਂ ਨਾਲ ਕਥਿਤ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸਸ਼ਸਤਰ ਸੀਮਾ ਬਲ (SSB) ਦੇ ਇੱਕ ਸਾਬਕਾ ਅਧਿਕਾਰੀ ਖ਼ਿਲਾਫ਼ ਚੱਲ ਰਹੀ ਜਾਂਚ ਤਹਿਤ ਕੀਤੀ ਗਈ ਹੈ।
ਅਧਿਕਾਰੀਆਂ ਅਨੁਸਾਰ, ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਜੰਮੂ, ਕਠੂਆ, ਊਧਮਪੁਰ ਅਤੇ ਪੰਜਾਬ ਦੇ ਪਠਾਨਕੋਟ ਵਿੱਚ ਕੁੱਲ ਅੱਠ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਮੁਲਜ਼ਮ ’ਤੇ ਅਰਧ ਸੈਨਿਕ ਬਲ ਦੇ ਜਵਾਨਾਂ ਸਮੇਤ ਕਈ ਨਿਵੇਸ਼ਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹਨ।
ED ਦੀ ਜਾਂਚ SSB ਦੇ ਸਾਬਕਾ ਮੁਲਾਜ਼ਮ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਕਥਿਤ ਤੌਰ ’ਤੇ ਚਲਾਈ ਜਾ ਰਹੀ ਫਰਜ਼ੀ ਮਨੀ ਮਲਟੀਪਲਾਇਰ ਅਤੇ ਨਿਵੇਸ਼ ਯੋਜਨਾ ਨਾਲ ਸਬੰਧਤ ਹੈ। ਜਾਂਚ ਏਜੰਸੀ ਨੇ ਇਹ ਮਾਮਲਾ ਜੰਮੂ-ਕਸ਼ਮੀਰ, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਬਿਹਾਰ ਦੀਆਂ ਵੱਖ-ਵੱਖ ਪੁਲਿਸ ਏਜੰਸੀਆਂ ਵੱਲੋਂ ਦਰਜ ਕੀਤੀਆਂ ਕਈ FIR ਦੇ ਆਧਾਰ ’ਤੇ ਦਰਜ ਕੀਤਾ ਹੈ।
ਇਨ੍ਹਾਂ ਸ਼ਿਕਾਇਤਾਂ ਵਿੱਚ ਆਮ ਲੋਕਾਂ ਨੂੰ ਵੱਧ ਅਤੇ ਤੈਅ ਮਹੀਨਾਵਾਰ ਮੁਨਾਫ਼ੇ ਦਾ ਭਰੋਸਾ ਦੇ ਕੇ ਪੈਸਾ ਨਿਵੇਸ਼ ਕਰਵਾਉਣ ਦੇ ਦੋਸ਼ ਲਗਾਏ ਗਏ ਹਨ। ਧੋਖਾਧੜੀ ਦਾ ਸ਼ਿਕਾਰ ਹੋਣ ਵਾਲਿਆਂ ਵਿੱਚ SSB ਦੇ ਸੇਵਾਮੁਕਤ ਅਤੇ ਮੌਜੂਦਾ ਮੁਲਾਜ਼ਮ ਵੀ ਸ਼ਾਮਲ ਦੱਸੇ ਗਏ ਹਨ।
ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਨੇ ਵੱਖ-ਵੱਖ ਸੰਸਥਾਵਾਂ ਅਤੇ ਕੰਪਨੀਆਂ ਰਾਹੀਂ ਨਿਵੇਸ਼ਕਾਂ ਤੋਂ ਕਰੋੜਾਂ ਰੁਪਏ ਦੀ ਰਕਮ ਇਕੱਠੀ ਕੀਤੀ ਸੀ। ED ਵੱਲੋਂ ਇਸ ਪੂਰੇ ਨੈੱਟਵਰਕ ਅਤੇ ਕਥਿਤ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੀ ਕੀਤੀ ਗਈ ਰਕਮ ਦੀ ਜਾਂਚ ਕੀਤੀ ਜਾ ਰਹੀ ਹੈ।