ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ
ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਗਰੂਰ ਦੀ ਟ੍ਰਾਇਲ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਚੱਲ ਰਹੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।
ਖੜਗੇ ਵੱਲੋਂ ਇਸ ਮਾਮਲੇ ਵਿੱਚ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਸੰਗਰੂਰ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਰੋਕਣ ਦੀ ਮੰਗ ਕੀਤੀ ਗਈ ਸੀ। ਜਸਟਿਸ ਅਮਨ ਚੌਧਰੀ ਦੀ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਕੀਤੀ। ਇਸ ਦੌਰਾਨ ਪਟੀਸ਼ਨਕਰਤਾ ਦੇ ਵਕੀਲਾਂ ਨੇ ਆਪਣੇ ਪੱਖ ਵਿੱਚ ਦਲੀਲਾਂ ਪੇਸ਼ ਕੀਤੀਆਂ।
ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਨਾਲ ਸਬੰਧਤ ਜਵਾਬਦੇਹ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ। ਇਸ ਦੇ ਨਾਲ ਹੀ ਸੰਗਰੂਰ ਦੀ ਟ੍ਰਾਇਲ ਕੋਰਟ ਵਿੱਚ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ।
ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 30 ਮਾਰਚ 2027 ਦੀ ਤਰੀਕ ਤੈਅ ਕੀਤੀ ਹੈ। ਇਸ ਹੁਕਮ ਨਾਲ ਫਿਲਹਾਲ ਖੜਗੇ ਨੂੰ ਸੰਗਰੂਰ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਕੇਸ ਦੀ ਕਾਰਵਾਈ ਤੋਂ ਰਾਹਤ ਮਿਲੀ ਹੈ।